ਮਾਨਸਾ, 26 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ): ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਟੀ.ਬੈਨਿਥ ਨੇ ਕਿਹਾ ਕਿ ਸ਼ਿਕਾਇਤ ਨਿਵਾਰਣ ਪੋਰਟਲ ’ਤੇ ਆਉਂਦੀਆਂ ਦਰਖ਼ਾਸਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਸਥਾਨਕ ਬੱਚਤ ਭਵਨ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਟੀ. ਬੈਨਿਥ ਨੇ ਕਿਹਾ ਕਿ ਸ਼ਿਕਾਇਤ ਨਿਵਾਰਣ ਪੋਰਟਲ ’ਤੇ ਆਈ ਕੋਈ ਵੀ ਸ਼ਿਕਾਇਤ ਪੈਂਡਿੰਗ ਨਾ ਰਹੇ। ਉਨ੍ਹਾਂ ਵੱਖ ਵੱਖ ਵਿਭਾਗਾਂ ਦੀਆਂ ਪ੍ਰਕਿਰਿਆ ਅਧੀਨ ਸ਼ਿਕਾਇਤਾਂ ਬਾਰੇ ਜਾਣਕਾਰੀ ਲਈ।
ਉਨ੍ਹਾਂ ਪੇਂਡੂ ਵਿਕਾਸ ਅਧੀਨ ਚੱਲ ਰਹੇ ਸਮਾਰਟ ਵਿਲੇਜ਼ ਕੰਪੇਨ, ਪੰਜਾਬ ਨਿਰਮਾਣ ਪ੍ਰੋਗਰਾਮ (ਗ੍ਰਾਮੀਣ), ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਮਗਨਰੇਗਾ ਅਤੇ ਲਾਲ ਲਕੀਰ ਅੰਦਰ ਰਕਬੇ ਦੀ ਸਨਦ ਸਬੰਧੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਸ਼ਹਿਰੀ ਖੇਤਰ ਵਿਚ ਵਾਟਰ ਸਪਲਾਈ, ਸ਼ਹਿਰੀ ਵਾਤਾਵਰਣ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਝੁੱਗੀ ਝੌਂਪੜੀਆਂ ਦੇ ਵਸਨੀਕਾਂ ਦੇ ਮੁੜ ਵਸੇਬੇ, ਪ੍ਰੋਪਰਟੀ ਰਾਈਟਸ, ਡੋਰ ਟੂ ਡੋਰ ਕੂੜਾ ਇਕੱਠਾ ਕਰਨ ਅਤੇ ਕੁੱਤਿਆਂ ਦੀ ਨਸਬੰਦੀ ਸਬੰਧੀ ਕੀਤੀ ਜਾ ਰਹੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਰੈਗੂਲਰ ਵੈਕਸੀਨ ਦੀ ਸਪਲਾਈ, ਬਨਾਉਟੀ ਗਰਭਪਾਤ ਸੇਵਾਵਾਂ ਦੀ ਨਿਯਮਤ ਵਿਵਸਥਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਸੰਚਾਲਨ ਅਤੇ ਦੇਖਭਾਲ ਦਾ ਖਿਆਲ ਰੱਖਿਆ ਜਾਵੇ, ਆਵਾਰਾ ਪਸ਼ੂਆਂ ਦੇ ਪ੍ਰਬੰਧਨ ਦੀ ਸੁਚੱਜੀ ਯੋਜਨਾ ਬਣਾਈ ਜਾਵੇ ਤਾਂ ਜੋ ਕਿਸੇ ਮਨੁੱਖੀ ਜਾਨ ਨੂੰ ਕੋਈ ਖ਼ਤਰਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸਮਾਜ ਵਿਚ ਜਾਨਵਰਾਂ ਪ੍ਰਤੀ ਬੇਰਹਿਮੀ ਨੂੰ ਰੋਕਿਆ ਜਾਵੇ।
ਉਨ੍ਹਾਂ ਕਾਰਜਕਾਰੀ ਇੰਜੀਨੀਅਰ ਕਮ ਮਾਈਨਿੰਗ ਅਫ਼ਸਰ, ਜਲ ਨਿਕਾਸ ਨੂੰ ਜ਼ਿਲ੍ਹੇ ਅੰਦਰ ਗ਼ੈਰ ਕਾਨੂੰਨੀ ਮਾਈਨਿੰਗ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ। ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਉਨ੍ਹਾਂ ਕੋਵਿਡ-19 ਵੈਕਸੀਨੇਸ਼ਨ ਦੀ ਜ਼ਿਲ੍ਹੇ ਅੰਦਰ ਚੱਲ ਰਹੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਵੈਕਸੀਨੇਸ਼ਨ ਤੇ ਸੈਂਪÇਲੰਗ ਰੈਗੂਰਲ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਭੀੜ ਇਕੱਠਾ ਨਾ ਹੋਣ ਦਿੱਤੀ ਜਾਵੇ। ਦਵਾਈ ਲੈਣ ਆਉਂਦੇ ਵਿਅਕਤੀਆਂ ਨੂੰ ਸਮੇਂ ਸਿਰ ਦਵਾਈ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕਵਰ ਹੋਏ ਪਰਿਵਾਰਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਹਰ ਲੋੜਵੰਦ ਪਰਿਵਾਰ ਨੂੰ ਇਸ ਸਹੂਲਤ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਮਲੇਰੀਆ ਵਾਲੇ ਇਲਾਕਿਆਂ ਵਿਚ ਅਨਾਊਂਸਮੈਂਟ ਕਰਵਾਈ ਜਾਵੇ ਅਤੇ ਨਿਰੰਤਰ ਫੌਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹੇ ਅੰਦਰ ਐਕਟਿਵ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਕੇਸਾਂ ਦਾ ਵੇਰਵਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।