*ਪੰਜਾਬ ਸਰਕਾਰ ਵੱਲੋਂ 17 ਜ਼ਿਲ੍ਹਿਆਂ ‘ਚ ADC-UD ਦੇ ਅਹੁਦੇ ਨੂੰ ਖਤਮ ਕਰਨ ਦਾ ਫੈਸਲਾ , ਕੈਬਨਿਟ ਮੀਟਿੰਗ ‘ਚ ਲੱਗੇਗੀ ਮੋਹਰ*

0
94

ਚੰਡੀਗੜ੍ਹ : ਪੰਜਾਬ ਸਰਕਾਰ ਨੇ ਖਰਚੇ ਘਟਾਉਣ ਵੱਲ ਕਦਮ ਚੁੱਕਦਿਆਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ-ਸ਼ਹਿਰੀ ਵਿਕਾਸ (ADC-UD) ਦੇ ਅਹੁਦੇ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪਰਸੋਨਲ ਵਿਭਾਗ ਵੱਲੋਂ ਲੋਕਲ ਬਾਡੀਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਏ.ਡੀ.ਸੀ.-ਯੂ.ਡੀ ਦੀ ਅਸਾਮੀ ਖ਼ਤਮ ਕਰਨ ਸਬੰਧੀ ਪ੍ਰਸਤਾਵ ਅਗਲੀ 28 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇ। 
ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਏਡੀਸੀ-ਯੂਡੀ ਦੇ ਕੰਮਕਾਜ ਦੀ ਸਮੀਖਿਆ ਕੀਤੀ ਹੈ ਅਤੇ ਪਤਾ ਲੱਗਿਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਇਸ ਅਹੁਦੇ ’ਤੇ ਤਾਇਨਾਤ ਅਧਿਕਾਰੀਆਂ ਦੇ ਕੋਲ ਕੰਮ ਨਹੀਂ ਹੈ। ਕੰਮਕਾਜੀ ਹਾਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਪ੍ਰਸ਼ਾਸਕੀ ਖਰਚਿਆਂ ਨੂੰ ਬਚਾਉਣ ਦੇ ਮੱਦੇਨਜ਼ਰ 6 ਜ਼ਿਲ੍ਹਿਆਂ ਦੇ ਮੁੱਖ ਦਫਤਰਾਂ- ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਮੋਹਾਲੀ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਅਸਾਮੀ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ।  ਪੰਜਾਬ ਸਰਕਾਰ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ 17 ਜ਼ਿਲ੍ਹਿਆਂ ਵਿੱਚ ਉਪਰੋਕਤ ਅਸਾਮੀਆਂ ਖ਼ਤਮ ਕੀਤੀਆਂ ਜਾਣਗੀਆਂ, ਉੱਥੇ ਮੌਜੂਦਾ ਏਡੀਸੀ-ਯੂਡੀ ਦੀਆਂ ਸ਼ਕਤੀਆਂ ਏਡੀਸੀ (ਜੀ) ਜਾਂ ਸਬੰਧਤ ਨਗਰ ਨਿਗਮ ਕਮਿਸ਼ਨਰ ਨੂੰ ਸੌਂਪੀਆਂ ਜਾਣਗੀਆਂ। ਪੱਤਰ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਸ ਮਾਮਲੇ ਨਾਲ ਸਬੰਧਤ ਪ੍ਰਸਤਾਵ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇ।  ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਏ.ਡੀ.ਸੀ.-ਯੂ.ਡੀ. ਦੀਆਂ ਅਸਾਮੀਆਂ ਬਣਾਈਆਂ ਗਈਆਂ ਸਨ। ਹੁਣ ਇਸ ਅਹੁਦੇ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ 28 ਜੁਲਾਈ ਨੂੰ ਯਾਨੀ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here