ਮਾਨਸਾ 9 ਅਗਸਤ (ਸਾਰਾ ਯਹਾਂ/ ਜੋਨੀ ਜਿੰਦਲ ): ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲਕਲਾਂ ਵੱਲੋਂ ਮਨਾਏ ਜਾ ਰਹੇ ਸ਼ਹੀਦ ਕਿਰਨਜੀਤ ਕੌਰ ਦੇ 25 ਵੇਂ ਸ਼ਰਧਾਂਜਲੀ ਸਮਾਗਮ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਪੂਰੇ ਮਾਲਵੇ ਦੇ ਜਿਲਿਆਂ ਵਿੱਚੋਂ ਇਨਕਲਾਬੀ ਜੋਸ਼ ਨਾਲ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਡਾ ਧੰਨਾ ਮੱਲ ਗੋਇਲ ਸੂਬਾ ਪੑਧਾਨ ਦੀ ਪੑਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਦੱਸਿਆ ਕਿ ਇਸ ਵਾਰ ਸ਼ਹੀਦ ਕਿਰਨਜੀਤ ਕੌਰ ਦਾ 25 ਵਾਂ ਸ਼ਰਧਾਂਜਲੀ ਸਮਾਗਮ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਪੂਰੇ ਇਨਕਲਾਬੀ ਜੋਸ਼ ਨਾਲ “ਮੋਦੀ ਹਕੂਮਤ ਦੇ ਘੱਟ ਗਿਣਤੀ ਮੁਸਲਮਾਨਾਂ, ਦਲਿਤਾਂ,ਬੁੱਧੀਜੀਵੀਆਂ, ਚਿੰਤਕਾਂ ਖਿਲਾਫ਼ ਬੋਲੇ ਫਿਰਕੂ ਫਾਸ਼ੀ ਹੱਲੇ” ਨੂੰ ਸਮਰਪਿਤ ਕਰਕੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਤਿਆਰੀ ਲਈ ਡਿਊਟੀਆਂ ਦੀ ਵੰਡ ਕੀਤੀ ਗਈ। ਹਰ ਕਾਮੇ ਤੱਕ ਫੰਡ ਮੁਹਿੰਮ ਵਿੱਚ ਵੱਧ ਤੋਂ ਵੱਧ ਪਹੁੰਚ ਕਰਨ ਦਾ ਫੈਸਲਾ ਕੀਤਾ ਗਿਆ।ਵਰਕਰਾਂ ਵੱਲੋਂ ਫੰਡ ਮੁਹਿੰਮ ਵਿੱਚ ਹਿੱਸਾ ਪਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਐਕਸ਼ਨ ਕਮੇਟੀ ਮਹਿਲਕਲਾਂ ਵੱਲੋਂ ਜਥੇਬੰਦੀ ਨੂੰ ਜੋ ਵੀ ਡਿਉਟੀ ਨਿਭਾਉਣ ਲਈ ਆਖਿਆ ਜਾਵੇਗਾ, ਉਸ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਸ਼ਾਮਿਲ ਹੋਣ ਵਾਲੇ ਦਹਿ ਹਜਾਰਾਂ ਲਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਫਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।ਆਗੂਆਂ ਸਰਪ੍ਰਸਤ ਡਾ. ਸੁਰਜੀਤ ਸਿੰਘ ਲੁਧਿਆਣਾ, ਸਕੱਤਰ ਗੁਰਮੇਲ ਸਿੰਘ ਮਾਛੀਕੇ , ਵਿੱਤ ਸਕੱਤਰ ਐਚ. ਐਸ. ਰਾਣੂ, ਦਰਸ਼ਨ ਕੁਮਾਰ ਢਿੱਲਵਾਂ, ਅਵਤਾਰ ਸਿੰਘ ਚੀਮਾ, ਚਮਕੌਰ ਸਿੰਘ , ਦਿਲਦਾਰ ਚਾਹਲ , ਰਘਵੀਰ ਸ਼ਰਮਾ ਆਦਿ ਆਗੂਆਂ ਨੇ 12ਁ ਅਗਸਤ ਦੀਆਂ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ।