ਮਾਨਸਾ, 17 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਤਿਉਹਾਰਾਂ ਦੇ ਮੱਦੇਨਜ਼ਰ ਵੱਡੀ ਮਾਤਰਾ ’ਚ ਬਣਨ ਵਾਲੇ ਖਾਦ ਪਦਾਰਥਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹੇ ਦੇ ਮਿਠਾਈ ਵਿਕਰੇਤਾਵਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨਾਲ ਅਹਿਮ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਮਿਠਾਈ ਵਿਕਰੇਤਾਵਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਦੁਕਾਨਾਂ ਅਤੇ ਹੋਰ ਜਿੱਥੇ ਕਿਧਰੇ ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਸਾਫ ਸਫਾਈ ਦੇ ਪੁਖ਼ਤਾ ਪ੍ਰਬੰਧ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮਿਠਾਈਆਂ ਬਣਾਉਣ ਸਮੇਂ ਸਿੰਥੈਟਿਕ ਦੁੱਧ ਦੀ ਵਰਤੋਂ ਨਾ ਕੀਤੀ ਜਾਵੇ, ਜਿਸਦੇ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਮਿਆਦ ਲੰਘ ਚੁੱਕੀਆਂ ਵਸਤਾਂ ਨੂੰ ਬਾਜ਼ਾਰ ਵਿਚ ਵੇਚਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤਾਂ ’ਤੇ ਤਿਆਰ ਕਰਨ ਅਤੇ ਮਿਆਦ ਖ਼ਤਮ ਹੋਣ ਦੀ ਮਿਤੀ ਲਾਜ਼ਮੀ ਲਿਖੀ ਜਾਵੇ। ਉਨ੍ਹਾਂ ਕਿਹਾ ਕਿ ਮਿਠਾਈ ਤਿਆਰ ਕਰਨ ਵਾਲੇ ਹਲਵਾਈ ਸਿਰ ’ਤੇ ਟੋਪੀ ਅਤੇ ਹੱਥਾਂ ਵਿਚ ਦਸਤਾਨੇ ਪਹਿਨ ਕੇ ਰੱਖਣ।
ਉਨ੍ਹਾਂ ਰੈਸਟੋਰੈਂਟ ਮਾਲਕਾਂ ਨੂੰ ਹਦਾਇਤ ਕੀਤੀ ਕਿ ਸ਼ਾਕਾਹਾਰੀ ਅਤੇ ਮਾਸਾਹਾਰੀ ਖਾਣਾ ਵੱਖੋ-ਵੱਖਰੇ ਫਰਿੱਜਾਂ ਵਿੱਚ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਰੋਜ਼ਾਨਾ ਪੱਧਰ ’ਤੇ ਨਿਰੀਖਣ ਕੀਤਾ ਜਾਵੇਗਾ। ਜੇਕਰ ਕੋਈ ਵੀ ਦੁਕਾਨਦਾਰ ਮਿਲਾਵਟੀ ਚੀਜ਼ਾਂ ਵੇਚਦਾ ਪਾਇਆ ਗਿਆ ਤਾਂ ਅਜਿਹੇ ਦੁਕਾਨਦਾਰਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਈ ਲੋਕ ਬਾਹਰਲੇ ਰਾਜਾਂ ਤੋਂ ਨਕਲੀ ਮਿਠਾਈਆਂ ਲਿਆ ਕੇ ਜ਼ਿਲ੍ਹੇ ਅੰਦਰ ਵੇਚਣ ਲਈ ਆਉਂਦੇ ਹਨ, ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਦੁਕਾਨਦਾਰਾਂ ਬਾਰੇ ਕਿਸੇ ਨੂੰ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਹ ਮੋਬਾਇਲ ਨੰਬਰ 82839-14400 ’ਤੇ ਫੋਨ ਕਰਕੇ ਉਸ ਸਬੰਧੀ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਮਿਲਾਵਟੀ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਸਬੰਧੀ ਪੁਲਿਸ ਵਿਭਾਗ ਵੱਲੋਂ ਖੁਫ਼ੀਆ ਰਿਪੋਰਟਾਂ ਪ੍ਰਾਪਤ ਕਰਕੇ ਛਾਪੇਮਾਰੀ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਜਿਹੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਸ਼੍ਰੀ ਅਮਰਿੰਦਰ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਮੈਡਮ ਹਰਸਿਮਰਨ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਮਿਠਾਈ ਵਿਕਰੇਤਾ ਅਤੇ ਰੈਸਟੋਰੈਂਟਾਂ ਦੇ ਮਾਲਕ ਤੇ ਨੁਮਾਇੰਦੇ ਮੌਜੂਦ ਸਨ।