ਮਾਨਸਾ, 22 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮਾਨਸਾ ਜ਼ਿਲੇ ਦੀਆਂ ਮੰਡੀਆਂ ਵਿੱਚ 65980 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 55090 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 19766 ਮੀਟਰਕ ਟਨ, ਮਾਰਕਫੈਡ ਵੱਲੋਂ 17998 ਪਨਸਪ ਵੱਲੋਂ 11177 ਅਤੇ ਵੇਅਰਹਾਊਸ ਵੱਲੋਂ 6149 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ 27257 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ ਹੈ।
ਉਨਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਮਿੱਥੇ ਸਮੇਂ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਕਿਸਾਨਾਂ ਨੂੰ 57.57 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ, ਜਿਸ ਵਿੱਚੋਂ ਪਨਗਰੇਨ ਵੱਲੋਂ 21.02 ਕਰੋੜ ਰੁਪਏ, ਮਾਰਕਫੈਡ ਵੱਲੋਂ 19.61, ਪਨਸਪ ਵੱਲੋਂ 11.50 ਅਤੇ ਵੇਅਰ ਹਾਊਸ ਵੱਲੋਂ 5.44 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ, ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਕਿਸਾਨਾਂ ਨੂੰ ਇਸ ਦਾ ਵਧੇਰੇ ਨੁਕਸਾਨ ਹੁੰਦਾ ਹੈ। ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਮੀਨ ਲਈ ਲਾਹੇਵੰਦ ਮਿੱਤਰ ਕੀੜੇ ਵੀ ਮਰ ਜਾਂਦੇ ਹਨ।