*25 ਹਜ਼ਾਰ ਨੌਕਰੀਆਂ ਇੱਕ ਸਾਲ ‘ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ ‘ਚ ਹੀ ਕੀਤਾ ਪੂਰਾ – ਮੁੱਖ ਮੰਤਰੀ*

0
15

ਲੁਧਿਆਣਾ, 5 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ।

ਇੱਥੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਪਹਿਲੇ ਸਾਲ ਦੌਰਾਨ 25 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਪੂਰਾ ਕਰ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਕਰੀਆਂ ਲਈ ਸਿਰਫ਼ ਇਕੋ-ਇਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਿਰਆ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਵਰਗੇ ਤਿੰਨ ਖੇਤਰ ਸਾਡੀ ਸਰਕਾਰ ਦੇ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਇਨ੍ਹਾਂ ਖੇਤਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਉਤੇ ਕੇਂਦਰਤ ਹੈ।

ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਦੀ ਤੁਲਨਾ ‘ਦੂਜੇ ਮਾਤਾ-ਪਿਤਾ’ ਵਜੋਂ ਕੀਤੀ, ਜੋ ਇਕ ਬੱਚੇ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨਵ-ਨਿਯੁਕਤ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਦੇ ਨਕਸ਼ ਘੜਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ ਤਾਂ ਕਿ ਉਹ ਕਿਸੇ ਵੀ ਖੇਤਰ ਵਿੱਚ ਨਾਮਣਾ ਖੱਟਣ ਦੇ ਯੋਗ ਬਣ ਸਕਣ।

ਮੁੱਖ ਮੰਤਰੀ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ਉਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਉਤੇ ਅਧਿਆਪਕ-ਮਾਪੇ ਮਿਲਣੀ ਕਰਵਾਉਣ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਜੋ ਮਾਪੇ ਤੇ ਅਧਿਆਪਕ ਵਿਦਿਆਰਥੀਆਂ ਦੀਆਂ ਰੁਚੀਆਂ ਬਾਰੇ ਚੰਗੀ ਸੂਝ-ਬੂਝ ਬਣਾਉਣ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਬੱਚੇ ਦਾ ਉਸ ਦੀ ਰੁਚੀ ਮੁਤਾਬਕ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਇਹ ਪਹਿਲਕਦਮੀ ਸਮੇਂ ਦੀ ਲੋੜ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮਾਣ ਹੈ ਕਿ ਇੱਥੋਂ ਦੇ ਬੱਚੇ ਮਿਹਨਤੀ ਦੇ ਹੁਸ਼ਿਆਰ ਹਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਆਪਣੇ ਘਰ ਨੇੜੇ ਬਦਲੀਆਂ ਕਰਵਾਉਣ ਲਈ ਸਮਾਂ ਬਰਬਾਦ ਕਰਨ ਦੀ ਥਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਉਤੇ ਧਿਆਨ ਕੇਂਦਰਤ ਕਰਨ। ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਭਵਿੱਖ ਵਿੱਚ ਆਪਣੇ ਪੜ੍ਹਾਏ ਬੱਚਿਆਂ ਉਤੇ ਮਾਣ ਹੋਵੇਗਾ ਕਿਉਂਕਿ ਵਿਦਿਆਰਥੀਆਂ ਦੀ ਸਫ਼ਲਤਾ ਨੂੰ ਕਦੇ ਵੀ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਜਲਦ ਹੀ ਸਕੂਲ ਆਫ਼ ਐਮੀਨੈਂਸ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਕ ਸਾਲ ਦੇ ਅੰਦਰ-ਅੰਦਰ ਸਾਰੇ ਸਕੂਲਾਂ ਵਿੱਚ ਮੁੰਡੇ-ਕੁੜੀਆਂ ਲਈ ਵੱਖਰੇ ਡੈਸਕ ਤੇ ਵੱਖਰੇ ਪਖ਼ਾਨੇ ਹੋਣਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲਾਂ ਦੀ ਬਿਹਤਰ ਸਾਂਭ-ਸੰਭਾਲ ਲਈ ਸੂਬਾ ਸਰਕਾਰ ਜਲਦ ਹੀ ਕੈਂਪਸ ਮੈਨੇਜਰ ਤੇ ਚੌਕੀਦਾਰਾਂ ਦੀ ਭਰਤੀ ਕਰੇਗੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀ ਬੇਹੱਦ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦੀ ਰੱਖਿਆ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਵਰਗੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ।

ਪੰਜਾਬ ਕੋਲ ਹੋਰ ਸੂਬਿਆਂ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਉਤੇ ਸੂਬੇ ਦੇ ਹਿੱਤ ਹਰ ਕੀਮਤ ਉਤੇ ਸੁਰੱਖਿਅਤ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਕਿਸੇ ਹੋਰ ਸੂਬੇ ਨੂੰ ਆਪਣੇ ਹਿੱਸੇ ਦਾ ਪਾਣੀ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਪਹਿਲਾਂ ਹੀ ਪਾਣੀ ਦੀ ਕਿੱਲਤ ਝੱਲ ਰਿਹਾ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ ਅਤੇ ਸੂਬੇ ਦੇ ਦਰਿਆ ਸੁੱਕਦੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਆਖਿਆ ਕਿ ਜਿਨ੍ਹਾਂ ਸੂਬੇ ਦੀ ਦੌਲਤ ਦੀ ਬੇਰਹਿਮੀ ਨਾਲ ਲੁੱਟ ਕੀਤੀ, ਉਨ੍ਹਾਂ ਨੂੰ ਵਾਰੀ ਸਿਰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦਾ ਸਰਮਾਇਆ ਲੁੱਟਣ ਦਾ ਘਿਨਾਉਣਾ ਜੁਰਮ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਲੋਕਾਂ ਤੋਂ ਵਾਪਸ ਕਰਵਾਏ ਪੈਸੇ ਦੀ ਵਰਤੋਂ ਲੋਕਾਂ ਦੀ ਖ਼ੁਸ਼ਹਾਲੀ ਤੇ ਸੂਬੇ ਦੇ ਤਰੱਕੀ ਲਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਮਾਰੋਹ ਵਿੱਚ ਪੁੱਜਣ ਉਤੇ ਸਵਾਗਤ ਕੀਤਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਦੇ ਸੁਧਾਰ ਲਈ ਚੁੱਕੇ ਕਦਮਾਂ ਬਾਰੇ ਵੀ ਦੱਸਿਆ।    
———

LEAVE A REPLY

Please enter your comment!
Please enter your name here