*ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਮਗਰੋਂ ਦਿੱਲੀ ਤੱਕ ਖੜਕੀਆਂ ਤਾਰਾਂ, ਖੁਫੀਆ ਏਜੰਸੀਆਂ ਅਲਰਟ, ਗ੍ਰਹਿ ਮੰਤਰਾਲੇ ਵੱਲੋਂ ਰਿਪੋਰਟ ਤਲਬ*

0
71

(ਸਾਰਾ ਯਹਾਂ/ਬਿਊਰੋ ਨਿਊਜ਼ ) ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸ਼ਕਤੀ ਪ੍ਰਦਰਸ਼ਨ ਨੂੰ ਵੇਖ ਕੇਂਦਰ ਸਰਕਾਰ ਵੀ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਕਾਂਡ ਬਾਰੇ ਰਿਪੋਰਟ ਤਲਬ ਕਰ ਲਈ ਹੈ। ਸੂਤਰਾਂ ਮੁਤਾਬਕ ਅਜਨਾਲਾ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਐਕਸ਼ਨ ਮਗਰੋਂ ਕੇਂਦਰੀ ਖੁਫੀਆ ਏਜੰਸੀਆਂ ਵੀ ਚੌਕਸ ਹੋ ਗਈ ਹੈ। 

ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਨਾਲਾ ਥਾਣੇ ਦੇ ਘਿਰਾਓ ਦਾ ਸਖ਼ਤ ਨੋਟਿਸ ਲਿਆ ਹੈ। ਗ੍ਰਹਿ ਮੰਤਰਾਲੇ ਨੇ ਐਤਵਾਰ ਸ਼ਾਮ ਤੱਕ ਪੰਜਾਬ ਪੁਲਿਸ ਤੇ ਇੰਟੈਲੀਜੈਂਸ ਬਿਊਰੋ (ਆਈਬੀ) ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਕੇਂਦਰ ਨੇ ਪੁੱਛਿਆ ਹੈ ਕਿ ਸੰਭਾਵੀ ਹਿੰਸਾ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਐਕਸ਼ਨ ਪਲਾਨ ਕੀ ਸੀ।

ਕੇਂਦਰ ਸਰਕਾਰ ਨੇ ਇਹ ਵੀ ਰਿਪੋਰਟ ਮੰਗੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਕਿਹੜੇ-ਕਿਹੜੇ ਜ਼ਿਲ੍ਹਿਆਂ ਤੋਂ ਪਹੁੰਚੇ ਸੀ। ਕੀ ਵਿਦੇਸ਼ ਤੋਂ ਵੀ ਇਨ੍ਹਾਂ ਨੂੰ ਹਮਾਇਤ ਮਿਲੀ ਸੀ। ਇਸ ਤੋਂ ਇਲਾਵਾ ਇਹ ਵੀ ਪੁੱਛਿਆ ਹੈ ਕਿ ਮੁਹਾਲੀ ‘ਚ ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਤੇ ਜਾ ਰਹੇ ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਦੀ ਕੀ ਸਥਿਤੀ ਹੈ? ਜੇਕਰ ਵਿਰੋਧ ਹਿੰਸਕ ਹੋ ਜਾਂਦਾ ਹੈ ਤਾਂ ਉਸ ਨੂੰ ਰੋਕਣ ਦੇ ਕੀ ਪ੍ਰਬੰਧ ਹਨ? 

ਪਤਾ ਲੱਗਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਰਿਪੋਰਟ ਮੰਗੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੀ ਹਰਕਤ ਵਿੱਚ ਨਜ਼ਰ ਆਈ। ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਅਧਿਕਾਰੀਆਂ ਨਾਲ 3 ਘੰਟੇ ਤੱਕ ਮੈਰਾਥਨ ਮੀਟਿੰਗ ਕੀਤੀ। ਉਨ੍ਹਾਂ ਨੇ ਅਫਸਰਾਂ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਦੀ ਹਦਾਇਤ ਦਿੱਤੀ ਹੈ।


ਡੀਜੀਪੀ ਨੇ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਕਿਸੇ ਵੀ ਹਾਲਤ ਵਿੱਚ ਵਿਗੜਨ ਨਹੀਂ ਦਿੱਤਾ ਜਾ ਸਕਦਾ। ਅਜਨਾਲਾ ਕਾਂਡ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਪੁਲਿਸ 52 ਵੀਡੀਓਜ਼ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਹ ਪਤਾ ਲਾਇਆ ਜਾ ਰਿਹਾ ਹੈ ਕਿ ਕੌਣ ਹਥਿਆਰ ਲੈ ਕੇ ਆਇਆ ਸੀ ਤੇ ਆਪਣੀ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ‘ਤੇ ਕਿਹੜੇ ਗਰਮ-ਖਿਆਲੀਆਂ ਨੇ ਹਮਲਾ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਵਿੱਚ ਕਿੱਥੇ ਗਲਤੀ ਹੋਈ ਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਕਾਰਜ ਯੋਜਨਾ ਕੀ ਹੋਵੇਗੀ।

LEAVE A REPLY

Please enter your comment!
Please enter your name here