*ਵੱਡੇ ਸੰਕਟ ‘ਚ ਘਿਰਿਆ ਬਾਦਲ ਪਰਿਵਾਰ! ਕੋਟਕਪੂਰਾ ਗੋਲੀ ਕਾਂਡ ਸਬੰਧੀ ਪੁਲਿਸ ਹੱਥ ਲੱਗੇ ਪੁਖਤਾ ਸਬੂਤ*

0
242

(ਸਾਰਾ ਯਹਾਂ/ਬਿਊਰੋ ਨਿਊਜ਼ ) : ਪਹਿਲਾਂ ਹੀ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀ ਕਾਂਡ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਅੱਠ ਅਧਿਕਾਰੀਆਂ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਪੁਖਤਾ ਸਬੂਤ ਹੱਥ ਲੱਗਣ ਮਗਰੋਂ ਹੀ ਉਪਰੋਕਤ ਹਾਈ ਪ੍ਰੋਫਾਈਲ ਲੋਕਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਹੈ। 

ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦਾ ਨਾਂ ਦੇ ਰਿਹਾ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਵਿਸ਼ੇਸ਼ ਜਾਂਚ ਟੀਮ ਨੇ 22 ਮਹੀਨਿਆਂ ਦੀ ਮੁਸ਼ੱਕਤ ਤੋਂ ਬਾਅਦ ਕਰੀਬ 5600 ਸਫ਼ਿਆਂ ਦੇ ਸਬੂਤ ਇਕੱਠੇ ਕੀਤੇ ਹਨ। ਇਨ੍ਹਾਂ ਸਬੂਤਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ ਪਰ ਹੁਣ ਵੇਖਣਾ ਇਹ ਹੋਏਗਾ ਕਿ ਪੁਲਿਸ ਅਦਾਲਤ ਵਿੱਚ ਇਹ ਸਾਬਤ ਕਰ ਪਾਉਂਦੀ ਹੈ ਜਾਂ ਨਹੀਂ।


ਭਰੋਸੇਯੋਗ ਸੂਤਰਾਂ ਮੁਤਾਬਕ ਸਿੱਟ ਨੇ ਚਲਾਨ ਪੇਸ਼ ਕਰਨ ਤੋਂ ਪਹਿਲਾਂ ਦੇਸ਼ ਭਰ ਦੀਆਂ ਖੁਫ਼ੀਆ ਤੇ ਸੁਰੱਖਿਆ ਏਜੰਸੀਆਂ ਨਾਲ ਰਾਬਤਾ ਕਾਇਮ ਕਰ ਕੇ ਅਹਿਮ ਜਾਣਕਾਰੀ ਇਕੱਠੀ ਕੀਤੀ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋਂ ਘਟਨਾ ਸਮੇਂ ਦੌਰਾਨ ਦੇਸ਼-ਵਿਦੇਸ਼ ਦੀਆਂ ਕੀਤੀਆਂ ਯਾਤਰਾਵਾਂ ਦਾ ਰਿਕਾਰਡ ਵੀ ਫਰੋਲਿਆ ਗਿਆ ਹੈ। ਇਸ ਦੌਰਾਨ ਹੀ ਸਿੱਟ ਦੇ ਹੱਥ ਪੁਖਤਾ ਸਬੂਤ ਲੱਗੇ ਹਨ। 


ਉਧਰ, ਇਹ ਵੀ ਸੂਚਨਾ ਮਿਲੀ ਹੈ ਕਿ ਬਹਿਬਲ ਗੋਲੀ ਕਾਂਡ ਦੀ ਪੜਤਾਲ ਕਰ ਰਹੇ ਆਈਜੀ ਨੌਨਿਹਾਲ ਸਿੰਘ ਨੇ 10ਵਾਂ ਚਲਾਨ ਪੇਸ਼ ਕਰਨ ਦੀ ਤਿਆਰੀ ਸ਼ੁਰੂ ਕਰ ਲਈ ਹੈ ਤੇ ਜਲਦ ਹੀ ਬਹਿਬਲ ਗੋਲੀ ਕਾਂਡ ਵਿੱਚ ਵੀ ਚਲਾਨ ਅਦਾਲਤ ’ਚ ਪੇਸ਼ ਹੋ ਸਕਦਾ ਹੈ। 


ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਇਨ੍ਹਾਂ ਕੇਸਾਂ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਪਹਿਲੀ ਪੜਤਾਲ ਰਿਪੋਰਟ ਝੂਠੀ ਹੋਣ ਕਰਕੇ ਹਾਈ ਕੋਰਟ ਵੱਲੋਂ ਰੱਦ ਹੋ ਚੁੱਕੀ ਹੈ। ਹੁਣ ਵੀ ਅਦਾਲਤੀ ਸੁਣਵਾਈ ਦੌਰਾਨ ਸਚਾਈ ਪੰਜਾਬ ਦੇ ਲੋਕਾਂ ਸਾਹਮਣੇ ਆ ਜਾਵੇਗੀ।

LEAVE A REPLY

Please enter your comment!
Please enter your name here