(ਸਾਰਾ ਯਹਾਂ/ਬਿਊਰੋ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਜਨਤਕ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਲਈ ਸੀਬੀਆਈ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।
ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਇਹ ਮੰਗ ਉਠਾਈ ਹੈ। ਅਕਾਲੀ ਦਲ ਦੇ ਵਫ਼ਦ ਨੇ ਅਪੀਲ ਕੀਤੀ ਹੈ ਕਿ ਦਿੱਲੀ ਆਬਕਾਰੀ ਘਪਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੀ ਪੰਜਾਬ ਦੀ ਆਬਕਾਰੀ ਨੀਤੀ ਘੜਨ ’ਚ ਅਹਿਮ ਰੋਲ ਨਿਭਾਇਆ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੰਡੀਗੜ੍ਹ ਰਾਜ ਭਵਨ ਵਿੱਚ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ। ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਸੂਬੇ ’ਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਵਿੱਚ ਨਾਕਾਮ ਰਹਿਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।