*ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਮਾਨ ਸਰਕਾਰ ਦੀਆਂ ਨਵੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਿ੍ਰੜਤਾ ਨਾਲ ਪ੍ਰਚਾਰਨ ਲਈ ਕਿਹਾ*

0
14

ਚੰਡੀਗੜ, 19 ਅਪ੍ਰੈਲ  (ਸਾਰਾ ਯਹਾਂ/  ਮੁੱਖ ਸੰਪਾਦਕ):: : ਮਹਿਜ਼ ਇੱਕ ਸਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਕਈ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਵੱਡੀ ਪ੍ਰਗਤੀਸ਼ੀਲ ਤਬਦੀਲੀ ਦਾ ਮੁੱਢ ਬੰਨਿਆ ਹੈ , ਜਿਸ ਤਹਿਤ 23 ਜ਼ਿਲਿਆਂ ਵਿੱਚ 117 ਸਕੂਲ ਆਫ ਐਮੀਨੈਂਸ, 500 ਆਮ ਆਦਮੀ ਕਲੀਨਿਕ, ਹਰੇਕ ਪਰਿਵਾਰ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਵਰਗੇ ਨਵੇਕਲੇ ਉਪਰਾਲਿਆਂ  ਨੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣੇ ਸ਼ੁਰੂ ਕਰ ਦਿੱਤੇ ਹਨ, ਇਸ ਨੂੰ ਜ਼ਮੀਨੀ ਪੱਧਰ ‘ਤੇ ਵੀ ਦੇਖਣ ਦੀ ਲੋੜ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਖਾਸ ਤੌਰ ‘ਤੇ ਜ਼ਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਰਾਜ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਤੱਕ ਵੀ ਸੂਚਨਾ ਦਾ ਪ੍ਰਸਾਰ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ। .

ਵਿਭਾਗ ਨੂੰ ਹੋਰ ਵੀ ਜੋਸ਼ ਤੇ ਸਰਗਰਮੀ  ਨਾਲ ਕੰਮ ਕਰਨ ਦੀ ਤਾਕੀਦ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਉਪਲਬਧ ਕਰਾਏ ਕਿਸਾਨ ਪੱਖੀ ਬੁਨਿਆਦੀ ਢਾਂਚੇ ਤੋਂ ਇਲਾਵਾ ਕੁਝ ਹੋਰ ਅਹਿਮ ਪਹਿਲੂਆਂ ‘ਤੇ ਕੇਂਦਿ੍ਰਤ ਇੱਕ ਸਕਾਰਾਤਮਕ ਪ੍ਰਚਾਰ ਮੁਹਿੰਮ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਕੀਤੇ ਗਏ ਟੈਸਟਾਂ ਦੀ ਗਿਣਤੀ, ਬਾਗਬਾਨੀ ਅਤੇ ਸਾਬਕਾ ਸੈਨਿਕ ਭਲਾਈ ਦੇ ਖੇਤਰਾਂ ਵਿੱਚ ਹੋਰ ਭਲਾਈ  ਸਕੀਮਾਂ ਦਾ ਪ੍ਰਚਾਰ ਪਸਾਰ ਵੀ ਸ਼ਾਮਲ ਹੈ ।

ਉਨਾਂ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਸੋਸ਼ਲ ਮੀਡੀਆ ਹੈਂਡਲਜ ਦੀ ਇੱਕ ਮਜ਼ਬੂਤ ਸਾਧਨ ਵਜੋਂ ਵਰਤੋਂ ਕਰਨ ਅਤੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਹੋਰ ਵਿਕਾਸ ਕਾਰਜਾਂ ਬਾਰੇ ਪਹਿਲਾਂ ਨਾਲੋਂ ਵੀ ਤੇਜ਼ੀ ਨਾਲ ਜਾਣਕਾਰੀ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ।    

ਇਸ ਤੋਂ ਪਹਿਲਾਂ ਵਿਭਾਗ ਦੇ ਸਕੱਤਰ ਸ: ਮਾਲਵਿੰਦਰ ਸਿੰਘ ਜੱਗੀ ਨੇ ਵਿਭਾਗ ਦੇ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਆਦਿ ਦੇ ਕੰਮਕਾਜ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਮੰਤਰੀ ਵੱਲੋਂ ਦਿੱਤੇ ਦਿਸ਼ਾਂ ਨਿਰਦੇਸ਼ਾਂ ਦੀ ਪੂਰੀ ਇਮਾਨਦਾਰੀ ਨਾਲ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। .

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਸੰਦੀਪ ਸਿੰਘ ਗੜਾ, ਵੱਖ-ਵੱਖ ਸ਼ਾਖਾਵਾਂ ਦੇ ਮੀਡੀਆ ਮੁਖੀ ਅਤੇ ਮੁੱਖ ਦਫਤਰ ਦੇ ਲੋਕ ਸੰਪਰਕ ਅਧਿਕਾਰੀ/ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਜਿਲਿਆਂ ਦੇ ਲੋਕ ਸੰਪਰਕ ਅਧਿਕਾਰੀ/ਸਹਾਇਕ ਲੋਕ ਸੰਪਰਕ ਅਧਿਕਾਰੀ ਵੀ ਹਾਜ਼ਰ ਸਨ।
—————

LEAVE A REPLY

Please enter your comment!
Please enter your name here