*ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਕੀਤੀ ਜਿਣਸ ਦੀ ਲਿਫਟਿੰਗ ’ਚ ਆਈ ਤੇਜੀ-ਡਿਪਟੀ ਕਮਿਸ਼ਨਰ*

0
13

ਮਾਨਸਾ, 26 ਅਪ੍ਰੈਲ  (ਸਾਰਾ ਯਹਾਂ/  ਮੁੱਖ ਸੰਪਾਦਕ)  : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਮੰਡੀਆਂ ਅੰਦਰ ਖਰੀਦ ਕੀਤੀ ਫਸਲ ਦੀ ਨਾਲੋ ਨਾਲ ਲਿਫਟਿੰਗ, ਅਦਾਇਗੀ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਦੇ ਆਧਾਰ ’ਤੇ ਖਰੀਦ ਏਜੰਸੀਆਂ ਨੂੰ ਰਿਪੋਰਟ ਕਰਨ ਲਈ ਪਾਬੰਦ ਕੀਤਾ ਹੋਇਆ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਾ ਆਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੁੱਜੀ ਕਣਕ ਦੀ 55 ਫ਼ੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਅੰਦਰ ਪੀਣ ਵਾਲੇ ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਆਉਣ ’ਤੇ ਉਸ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਅੰਦਰ ਖਰੀਦ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਡੀਆਂ ਅੰਦਰ ਲਿਆਂਦੀ ਕਣਕ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤੀ ਜਾ ਰਹੀ ਹੈ, ਜਿਸ ਲਈ ਸਮੂਹ ਅਧਿਕਾਰੀਆਂ ਵੱਲੋਂ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾਂ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਅੰਦਰ 481534 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 460802 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਕਣਕ ਦੀ ਮਿੱਥੇ ਸਮੇਂ ਅੰਦਰ ਲਿਫਟਿੰਗ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 144532 ਮੀਟਰਕ ਟਨ, ਮਾਰਕਫੈੱਡ ਵੱਲੋਂ 119455 ਮੀਟਰਕ ਟਨ, ਪਨਸਪ ਵੱਲੋਂ 120630 ਮੀਟਰਕ ਟਨ, ਵੇਅਰ ਹਾਊਸ ਵੱਲੋਂ 71890 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 4295 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।    
ਤਸਵੀਰਾਂ 1 ਅਤੇ 2
ਮਾਨਸਾ ਦੀ ਦਾਣਾ ਮੰਡੀ ਵਿਚ ਤੇਜ਼ੀ ਨਾਲ ਚੱਲ ਰਹੀ ਲਿਫਟਿੰਗ ਪ੍ਰਕਿਰਿਆ ਦੇ ਦ੍ਰਿਸ਼।

LEAVE A REPLY

Please enter your comment!
Please enter your name here