ਮਾਨਸਾ, 24 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਨਾਇਬ ਤਹਿਸੀਲਦਾਰ ਝੁਨੀਰ ਸ੍ਰੀ ਦਰਸ਼ਨ ਸਿੰਘ ਵੱਲੋਂ ਪਿੰਡ ਭੰਮੇ ਕਲਾਂ ਵਿਖੇ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਆਏ ਲੋਕਾਂ ਦੀਆਂ ਵੱਖ ਵੱਖ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਦੇ ਕੰਮਾਂ ਨਾਲ ਸਬੰਧਤ ਦਰਖ਼ਾਸਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਸੌਂਪਿਆ ਗਿਆ ਹੈ ਅਤੇ ਕਾਫੀ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਹੈ। ਇਸ ਮੌਕੇ ਆਏ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਲੋਕ ਸਮੱਸਿਆਵਾਂ ਦਾ ਹੱਲ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ‘ਜਨ ਸੁਣਵਾਈ ਕੈਂਪਾਂ’ ਦਾ ਵੱਧ ਤੋਂ ਵੱਧ ਲਾਹਾ ਲੈਣ।