ਮਾਨਸਾ, 08 ਜੂਨ (ਸਾਰਾ ਯਹਾਂ/ਬਿਊਰੋ ਨਿਊਜ਼ ) : ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦੇ ਹੋ ਰਹੇ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਉਪਦਾਨ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਟੀ. ਬੈਨਿਥ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਸੀ.ਆਰ.ਐਮ. ਸਕੀਮ ਅਧੀਨ ਮਾਨਸਾ ਜ਼ਿਲੇ੍ਹ ਵਿੱਚ ਸਾਲ 2022-23 ਦੌਰਾਨ 1188 ਮਸ਼ੀਨਾਂ ’ਤੇ ਤਕਰੀਬਨ 9 ਕਰੋੜ 55 ਲੱਖ ਦੀ ਸਬਸਿਡੀ ਰਾਸ਼ੀ ਮੁਹੱਈਆ ਕਰਵਾਈ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਬੈਨਿਥ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਅੱਗ ਲਾਉਣ ਦੀ ਗੰਭੀਰ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਆਰ.ਐਮ. ਸਕੀਮ ਤਹਿਤ ਸਾਲ 2022-23 ਦੌਰਾਨ ਵੱਖ-ਵੱਖ ਮਸ਼ੀਨਾਂ ’ਤੇ ਵਿਅਕਤੀਗਤ ਕਿਸਾਨਾਂ ਲਈ 50 ਫੀਸਦੀ ਅਤੇ ਕੋਪਰੇਟਿਵ ਸੁਸਾਇਟੀਆਂ ਅਤੇ ਪੰਚਾਇਤਾਂ ਲਈ 80 ਫੀਸਦੀ ਦੀ ਦਰ ’ਤੇ ਸਬਸਿਡੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਚੋਪਰ, ਜ਼ੀਰੋ ਟਿੱਲ ਡਰਿਲ, ਉਲਟਾਵੇਂ ਹਲ, ਰੋਟਰੀ ਸ਼ਲੇਸ਼ਰ, ਐਸ.ਐਮ.ਐਸ. ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਕੱਡਣ ਵਾਲੀਆਂ ਬੇਲਰ ਅਤੇ ਰੇਕ ਵਰਗੀਆਂ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਈ ਗਈ। ਇਸ ਸਕੀਮ ਤਹਿਤ 1175 ਮਸ਼ੀਨਾਂ ਵਿਅਕਤੀਗਤ ਕਿਸਾਨਾਂ ਨੂੰ ਅਤੇ 13 ਮਸ਼ੀਨਾਂ ਕੋਪਰੇਟਿਵ ਸੁਸਾਇਟੀਆਂ ਨੂੰ ਉਪਦਾਨ ’ਤੇ ਮੁਹੱਈਆ ਕਰਵਾਈਆਂ, ਜਿਸ ਵਿੱਚ 01 ਹੈਪੀ ਸੀਡਰ, 547 ਸੁਪਰ ਸੀਡਰ, 22 ਚੋਪਰ, 562 ਜ਼ੀਰੋ ਟਿੱਲ ਡਰਿਲ, 01 ਉਲਟਾਵਾਂ ਹਲ, 08 ਰੋਟਰੀ ਸ਼ਲੇਸ਼ਰ, 02 ਐਸ.ਐਮ.ਐਸ., 26 ਬੇਲਰ ਅਤੇ 19 ਰੇਕ ਮਸ਼ੀਨਾਂ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਆਉਣ ਵਾਲੇ ਸੀਜ਼ਨ ਵਿੱਚ ਵੱਧ ਤੋਂ ਵੱਧ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੂੰ ਖੇਤਾਂ ਵਿੱਚ ਹੀ ਅੱਗ ਲਗਾਉਣ ਕਾਰਨ ਜਿੱਥੇ ਮਿੱਤਰ ਕੀੜੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੋ ਜਾਂਦੀ ਹੈ, ਉਥੇ ਹੀ ਵਾਤਾਵਰਨ ਵਿੱਚ ਧੂੰਏ ਕਾਰਨ ਜ਼ਹਿਰੀਲੀਆਂ ਗੈਸਾਂ ਦੇ ਫੈਲਾਅ ਕਾਰਨ ਮਨੁੱਖੀ ਅਤੇ ਪਸ਼ੂ-ਪੰਛੀਆਂ ਦੀ ਸਿਹਤ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ।