ਮਾਨਸਾ, 15 ਜੂਨ:(ਸਾਰਾ ਯਹਾਂ/ ਹਿਤੇਸ਼ ਸ਼ਰਮਾ)
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਅੱਜ ਜ਼ਿਲ੍ਹੇ ਦੇ ਪਿੰਡ ਅਕਲੀਆ, ਜੋਗਾ, ਰੱਲਾ ਅਤੇ ਬੁਰਜ ਝੱਬਰ ਤੋਂ ਇਲਾਵਾ ਮਾਨਸਾ ਸ਼ਹਿਰ ਵਿਖੇ ਡਿਪੂ ਹੋਲਡਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਮਨਦੀਪ ਸਿੰਘ ਮਾਨ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਸਮੂਹ ਡਿਪੂ ਹੋਲਡਰਾਂ ਨੂੰ ਹਦਾਇਤ ਕੀਤੀ ਕਿ ਅਨਾਜ ਦੀ ਵੰਡ ਵਿਚ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨੂੰ ਡਿਪੂਆਂ ’ਤੇ ਸ਼ਿਕਾਇਤ ਬਾਕਸ, ਸੁਝਾਅ ਬਾਕਸ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਬੈਨਰ ਲਗਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਪ੍ਰਾਪਤ ਸਮੱਗਰੀ ਸਮੇਂ ਸਿਰ ਦਿੱਤੀ ਜਾਵੇ ਅਤੇ ਡਿਪੂਆਂ ’ਤੇ ਗੁਣਵੱਤਾ ਭਰਪੂਰ ਅਨਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਡਿਪੂਆਂ ’ਤੇ ਕੀਤੀ ਜਾ ਰਹੀ ਅਨਾਜ ਦੀ ਪਾਰਦਰਸ਼ੀ ਵੰਡ ’ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਰਾਸ਼ਨ ਡਿਪੂਆਂ ਸਬੰਧੀ ਕਿਸੇ ਪ੍ਰਕਾਰ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ 98767-64545 ਜਾਂ ਈ-ਮੇਲ ਆਈ.ਡੀ. punjabfoodcommission0gmail.com ’ਤੇ ਰਾਬਤਾ ਕੀਤਾ ਜਾ ਸਕਦਾ ਹੈ।