ਚੰਡੀਗੜ੍ਹ, 21 ਜੂਨ:(ਸਾਰਾ ਯਹਾਂ/ਮੁੱਖ ਸੰਪਾਦਕ )
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ।
ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਇਲੈਕਟ੍ਰਿਕ ਵਾਹਨ ਨੀਤੀ-2023 ਨੂੰ ਲਾਗੂ ਕਰਨ ਲਈ ਪਾਬੰਦ ਰਾਜ ਪੱਧਰੀ ਈ.ਵੀ. ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਰਿਆਇਤਾਂ ਇਲੈਕਟ੍ਰਿਕ ਦੋ-ਪਹੀਆ ਵਾਹਨਾਂ, ਈ-ਸਾਈਕਲਾਂ, ਈ-ਰਿਕਸ਼ਾ, ਈ-ਆਟੋ, ਇਲੈਕਟ੍ਰਿਕ ਲਾਈਟ ਕਮਰਸ਼ੀਅਲ ਵਾਹਨਾਂ ਆਦਿ ਉਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਰਿਆਇਤਾਂ ਲਈ ਸਮਰਪਿਤ ਈ.ਵੀ ਫ਼ੰਡ ਕਾਇਮ ਕਰਨ ਲਈ ਵਿੱਤ ਵਿਭਾਗ ਨੂੰ ਪੱਤਰ ਭੇਜਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਫ਼ੰਡਾਂ ਨੂੰ ਸੂਬੇ ਵਿੱਚ ਈ.ਵੀ. ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਰਤਿਆ ਜਾਣਾ ਹੈ, ਇਸ ਲਈ ਇਸ ਸਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਸ. ਭੁੱਲਰ ਨੇ ਸੂਬੇ ਵਿੱਚ ਈ.ਵੀ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਸਬੰਧੀ ਵੇਰਵੇ ਲਏ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਬੁਨਿਆਦੀ ਢਾਂਚੇ ਦੀ ਸਥਾਪਤੀ ਜ਼ਰੂਰੀ ਹੈ ਅਤੇ ਇਸ ਦੀ ਸਥਾਪਤੀ ਦੇ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ ਲਈ ਈ.ਵੀ. ਸੈੱਲ ਬਣਾਉਣ ਵਾਸਤੇ ਈ.ਵੀ. ਖੇਤਰ ਵਿੱਚ ਕੰਮ ਕਰਨ ਵਾਲੇ ਮਾਹਰਾਂ ਦੀ ਭਰਤੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।
ਟਰਾਂਸਪੋਰਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਸੂਬੇ ਵਿਚ ਇਲੈਕਟ੍ਰਿਕ ਵਾਹਨਾਂ ਦੇੇ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦੀ ਵਿਉਂਤਬੰਦੀ ਅਤੇ ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਸਬੰਧੀ ਰਿਪੋਰਟ ਤਿਆਰ ਕਰ ਕੇ ਭੇਜਣ। ਉਨ੍ਹਾਂ ਮਕਾਨ ਉਸਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਣਨ ਵਾਲੇ ਮਾਲਜ਼ ਅਤੇ ਹਾਊਸਿੰਗ ਸੁਸਾਇਟੀਆਂ ਵਿਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਨੀਤੀ ਘੜੀ ਜਾਵੇ।
ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਲ ਕੀਤਾ ਜਾ ਸਕੇ।
ਸ. ਲਾਲਜੀਤ ਸਿੰਘ ਭੁੱਲਰ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਈ.ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ।
ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਐਕਸਾਈਜ਼ ਕਮਿਸ਼ਨਰ ਸ੍ਰੀ ਵਰੁਣ ਰੂਜਮ, ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਈਸ਼ਾ ਕਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ, ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਸ੍ਰੀ ਹਰੀਸ਼ ਨਈਅਰ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।