ਮਾਨਸਾ, 02 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ ): ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਵਾਰ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਣ ਕਾਰਨ ਕਿਸਾਨ ਬਹੁਤ ਖੁਸ਼ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪਿੰਡ ਉੱਭਾ ਦੇ ਕਿਸਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਸਾਨੂੰ ਟਿਊਬਵੈੱਲ ਰਾਹੀਂ ਆਪਣੇ ਖੇਤਾਂ ਨੂੰ ਪਾਣੀ ਦੇਣਾ ਪੈਂਦਾ ਸੀ ਪਰ ਇਸ ਵਾਰ ਨਹਿਰੀ ਪਾਣੀ ਆਉਣ ਕਾਰਨ ਉਨ੍ਹਾਂ ਨੂੰ ਟਿਊਬਵੈੱਲ ਚਲਾਉਣ ਦੀ ਲੋੜ ਹੀ ਨਹੀਂ ਪਈ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਬਾਅਦ ਇਸ ਵਾਰ ਉਨ੍ਹਾਂ ਦੇ ਖੇਤਾਂ ਤੱਕ ਸਮੇਂ ਸਿਰ ਪੂਰਾ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਹੀ ਸਮੇਂ ਨਹਿਰੀ ਪਾਣੀ ਆਉਣ ਕਰਕੇ ਉਨ੍ਹਾਂ ਨੇ ਸਮੇਂ ਸਿਰ ਝੋਨੇ ਦੀ ਬਿਜਾਈ ਕਰ ਲਈ ਹੈ। ਕਿਸਾਨ ਗੁਰਵਿੰਦਰ ਸਿੰਘ ਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਏਸੇ ਤਰ੍ਹਾਂ ਹੀ ਪਿੰਡ ਮੀਆਂ ਦੇ ਕਿਸਾਨ ਕੁਲਵਿੰਦਰ ਸਿੰਘ ਨੇ ਵੀ ਖੇਤਾਂ ਲਈ ਨਹਿਰੀ ਪਾਣੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਕਿਸਾਨ ਨੇ ਕਿਹਾ ਕਿ ਨਹਿਰੀ ਪਾਣੀ ਮਿਲਣ ਨਾਲ ਜਿਥੇ ਬਿਜਲੀ ਦੀ ਬੱਚਤ ਹੋਵੇਗੀ, ਓਥੇ ਧਰਤੀ ਹੇਠਲੇ ਪਾਣੀ ਦਾ ਬਚਾਅ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਡਿੱਗ ਰਹੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਸਿੰਚਾਈ ਕਾਰਗਰ ਸਿੱਧ ਹੋਵੇਗੀ। ਕਿਸਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਦੇ ਪੁਰਾਣੇ ਖਾਲ਼ਾਂ ਨੂੰ ਵੀ ਬਹਾਲ ਕੀਤਾ ਜਾ ਰਿਹਾ ਹੈ ਜੋ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ ਹੈ।