*ਪੁਲਿਸ ਕਰਮੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ 4-4 ਲੱਖ ਰੁਪਏ ਦੇ ਚੈੱਕ ਦਿੱਤੇ*

0
51

ਚੰਡੀਗੜ੍ਹ, 3 ਜੁਲਾਈ: (ਸਾਰਾ ਯਹਾਂ/ਹਿਤੇਸ਼ ਸ਼ਰਮਾ )
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ (ਪ੍ਰਤੀ ਬੱਚਾ 4 ਲੱਖ ਰੁਪਏ) ਦੇ ਚੈੱਕ ਸੌਂਪੇ।


ਮੁੱਖ ਮੰਤਰੀ ਨੇ ਜਲੰਧਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਏ.ਐਸ.ਆਈ ਸੰਜੀਵ ਕੁਮਾਰ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਏ.ਐਸ.ਆਈ ਪਰਨਾਮ ਸਿੰਘ ਅਤੇ ਏ.ਐਸ.ਆਈ ਗੁਰਲਾਲ ਸਿੰਘ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਦੀ ਵੱਖ-ਵੱਖ ਹਾਦਸਿਆਂ ਵਿਚ ਮੌਤ ਹੋ ਗਈ ਸੀ। ਗੌਰਤਲਬ ਹੈ ਕਿ ਏ.ਐਸ.ਆਈ. ਸੰਜੀਵ ਕੁਮਾਰ ਨੂੰ ਇੱਕ ਬਲੇਰੋ ਗੱਡੀ ਨੇ ਉਸ ਵੇਲੇ ਟੱਕਰ ਮਾਰ ਦਿੱਤੀ ਜਦੋਂ ਉਹ ਜਲੰਧਰ ਵਿੱਚ ਸਖ਼ਤ ਸੁਰੱਖਿਆ ਵਾਲੇ ਵੀ.ਵੀ.ਆਈ.ਪੀ. ਦੀ ਫੇਰੀ ਦੌਰਾਨ ਵਾਹਨਾਂ ਦੀ ਜਾਂਚ ਕਰ ਰਿਹਾ ਸੀ। ਇਸੇ ਤਰ੍ਹਾਂ ਏ.ਐਸ.ਆਈ. ਪਰਨਾਮ ਸਿੰਘ ਅਤੇ ਗੁਰਲਾਲ ਸਿੰਘ ਦੀ ਵੀ ਵੱਖ-ਵੱਖ ਦੁਰਘਟਨਾਵਾਂ ਕਾਰਨ ਮੌਤ ਹੋ ਗਈ ਸੀ।


ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ  ਕਾਇਮ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਏ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।


ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਵੀ ਮੁੱਖ ਮੰਤਰੀ ਦਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਭਗਵੰਤ ਮਾਨ ਦੀ ਇਸ ਨੇਕ ਉਪਰਾਲੇ ਲਈ ਸ਼ਲਾਘਾ ਕੀਤੀ ਜੋ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਪੈਸ਼ਲ ਡੀ.ਜੀ.ਪੀ. ਈਸ਼ਵਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here