ਮਾਨਸਾ, 10 ਜੁਲਾਈ : (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ ):
ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਉਣ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖ਼ਤਮ ਕਰਨ ਦੇ ਉਦੇਸ਼ਾ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ। ਇਸੇ ਤਹਿਤ ਹਰ ਤਿੰਨ ਮਹੀਨੇ ਬਾਅਦ ਕੌਮੀ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿੱਚ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ 09 ਸਤੰਬਰ 2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਸਬੰਧੀ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਤੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ। ਇਸੇ ਤਰ੍ਹਾਂ ਬੈਂਕ ਅਧਿਕਾਰੀਆਂ, ਬੀਮਾ ਕੰਪਨੀਆਂ, ਜ਼ਿਲ੍ਹੇ ਦੇ ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਬਾਰ ਐਸੋਸ਼ੀਏਸ਼ਨ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਅਹੁਦੇਦਾਰਾਂ, ਸੀਨੀਅਰ ਸੀਟੀਜਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ, ਜਿਸ ਨਾਲ ਲੋਕਾਂ ਨੂੰ ਫਾਇਦਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇਕ ਦਰਖਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ।