ਮਾਨਸਾ, 18 ਜੁਲਾਈ : (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਪਾਣੀ ਦਾ ਪੱਧਰ ਵਧਣ ਕਾਰਨ ਘੱਗਰ ਦੇ ਨੇੜਲੇ ਖੇਤਰ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਬਣੇ ਰਾਹਤ ਕੈਂਪਾਂ ਵਿਚ ਪਹੁੰਚਾਇਆ ਗਿਆ ਹੈ ਅਤੇ ਇੰਨ੍ਹਾਂ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਦਰਤੀ ਆਫ਼ਤ ਦੀ ਇਸ ਘੜੀ ਵਿਚ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਭਾਰਤੀ ਸੈਨਾ, ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿੰਨ੍ਹਾਂ ਲੋਕਾਂ ਦੇ ਘਰਾਂ ਅੰਦਰ ਪਾਣੀ ਪਹੁੰਚਿਆ ਹੈ ਉਹ ਭਾਰਤੀ ਸੈਨਾ ਦੀਆਂ ਟੀਮਾਂ ਨਾਲ ਆਪਣੇ ਪਰਿਵਾਰ ਸਮੇਤ ਸੁਰੱਖਿਅਤ ਥਾਵਾਂ ’ਤੇ ਜਾਣ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿਚ ਲੋਕਾਂ ਨੂੰ ਰਹਿਣ, ਖਾਣ ਪੀਣ ਅਤੇ ਦਵਾਈਆਂ ਦੇ ਨਾਲ ਨਾਲ ਹਰ ਪ੍ਰਕਾਰ ਦੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੋੜ ਪੈਣ ’ਤੇ ਭਾਰਤੀ ਸੈਨਾ ਵੱਲੋਂ ਲੋਕਾਂ ਨੂੰ ਫਸਟ ਏਡ ਵੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ ਨਾਲ ਉਨ੍ਹਾਂ ਦੇ ਪਸ਼ੂ ਧੰਨ ਦੀ ਸੰਭਾਲ ਵੀ ਜ਼ਰੂਰੀ ਹੈ, ਜਿਸ ਦੇ ਲਈ ਹਰੇ ਚਾਰੇ ਅਤੇ ਵੈਕਸੀਨੇਸ਼ਨ ਦੇ ਪੁਖ਼ਤਾ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਗਏ ਸਨ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋੜ ਅਨੁਸਾਰ ਪਸ਼ੂਆਂ ਦੇ ਇਲਾਜ਼ ਲਈ ਟੀਕਾਕਰਨ ਅਤੇ ਹੋਰ ਲੋੜੀਂਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਹ ਖ਼ੁਦ ਜ਼ਮੀਨੀ ਪੱਧਰ ’ਤੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਰਹੇ ਹਨ ਅਤੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਲਈ ਲੋੜੀਂਦੇ ਯਤਨ ਕਰਨ ਹਿਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹੋਏ ਹਨ।