ਮਾਨਸਾ, 25 ਜੁਲਾਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਮਾਈ ਨਿੱਕੋ ਦੇਵੀ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਸ੍ਰੀ ਮੱਖਣ ਲਾਲ ਵੱਲੋਂ ਹੜ੍ਹ ਪੀੜਤਾਂ ਲਈ 810 ਆਡੋਮਾਸ ਅਤੇ 250 ਮੱਛਰਦਾਨੀਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਪੁਰਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਾਮਾਨ ਨੂੰ ਤੁਰੰਤ ਹੜ੍ਹ ਪੀੜਤ ਬੇਸ ਕੈਂਪ ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਪਹੁੰਚਾਇਆ ਗਿਆ ਹੈ।
ਉਨ੍ਹਾਂ ਐਸ.ਡੀ.ਐਮ. ਬੁਢਲਾਡਾ ਅਤੇ ਸਰਦੂਲਗੜ੍ਹ ਨੂੰ ਇਹ ਸਮੱਗਰੀ ਤੁਰੰਤ ਹੜ੍ਹ ਪੀੜਤ ਲੋਕਾਂ ਵਿਚ ਵੰਡਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਰਾਹਤ ਸਮੱਗਰੀ ਹੜ੍ਹ ਪੀੜਤ ਲੋਕਾਂ ਨੂੰ ਮੱਛਰਾਂ ਤੋਂ ਬਚਾਉਣ ਅਤੇ ਡੇਂਗੂ ਮਲੇਰੀਆ ਵਰਗੀ ਬਿਮਾਰੀਆਂ ਤੋਂ ਬਚਾਉਣ ਲਈ ਸਹਾਈ ਹੋਵੇਗੀ। ਉਨ੍ਹਾਂ ਸਕੂਲ ਸੰਸਥਾ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਇਸ ਉੱਦਮ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਹੀ ਹੋਰਨਾ ਸਮਾਜ ਸੇਵੀ ਸੰਸਥਾਵਾਂ ਨੂੰ ਲੋਕ ਭਲਾਈ ਦੇ ਇਸ ਕਾਰਜ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰਾਹਤ ਕੈਂਪਾਂ ਵਿਚ ਹਰੇਕ ਲੋੜੀਂਦੀ ਰਾਸ਼ਨ ਸਮੱਗਰੀ, ਦਵਾਈਆਂ, ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।