ਮਾਨਸਾ 30 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ): ਜਿਲੇ ਵਿੱਚ ਉੱਠੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਮਾਨਸਾ ਬਲਾਕ ਦੇ ਪਿੰਡ ਖੜਕ ਸਿੰਘ ਵਾਲਾ ਵਿੱਚ ਜਿਲਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਵਿੱਚ ਰੈਲੀ ਕੀਤੀ ਗਈ । ਜਿਸ ਵਿੱਚ ਕਿਰਤੀ ਲੋਕਾਂ ਅਤੇ ਮਾਵਾਂ ਭੈਣਾਂ ਨੇ ਸ਼ਮੂਲੀਅਤ ਕੀਤੀ । ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਜਿਨਸ ਦੀਆਂ ਕੀਮਤਾਂ ਅਤੇ ਖੇਤੀ ਉੱਤੇ ਪੈਂਦੇ ਹੱਲਿਆਂ ਨੂੰ ਰੋਕਣ ਲਈ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ ਪਰ ਅੱਜ ਕਿਸਾਨੀ ਮੰਗਾਂ ਦੇ ਨਾਲ ਨਾਲ ਬੇਰੁਜ਼ਗਾਰੀ ਕਾਰਨ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਰੋਕਣਾ ਸਮੇਂ ਦੀ ਮੁੱਖ ਮੰਗ ਹੈ ।
ਉਨ੍ਹਾਂ ਕਿਹਾ ਕਿ ਸਮੇਂ ਦੀ ਨਿਜ਼ਾਕਤ ਨੂੰ ਵਾਚਦਿਆਂ ਜਥੇਬੰਦੀ ਵੱਲੋਂ ਬੀਤੇ ਦਿਨਾਂ ਵਿੱਚ “ਕਿਸਾਨੀ ਬਚਾਓ, ਜਵਾਨੀ ਬਚਾਓ” ਮੁਹਿੰਮ ਦਾ ਆਗਾਜ਼ ਕੀਤਾ ਗਿਆ ਸੀ, ਜਿਸਦੇ ਤਹਿਤ ਜਿਲੇ ਦੇ ਪਿੰਡਾਂ ਵਿੱਚ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਸਰਕਾਰ ‘ਤੇ ਤੰਜ਼ ਕਸਦਿਆਂ ਕਿਹਾ ਕਿ ਲੋਕਾਂ ਨੂੰ ਤਿੰਨ ਮਹੀਨੇ ਵਿੱਚ ਨਸ਼ੇ ਦਾ ਲੱਕ ਤੋੜ ਦੇਣ ਦਾ ਵਾਅਦਾ ਕਰ ਕੇ ਆਈ ਸਰਕਾਰ, ਨਸ਼ੇ ਦੀ ਰੋਕਥਾਮ ਦੀ ਬਜਾਏ ਬੇਕਸੂਰ ਨੌਜਵਾਨ ਪਰਵਿੰਦਰ ਸਿੰਘ ਝੋਟੇ ਨੂੰ ਜੇਲ ਵਿੱਚ ਡੱਕ ਕੇ ਨਸ਼ੇ ਦੇ ਸੌਦਾਗਰਾਂ ਨੂੰ ਹੋਰ ਬਲ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਬੇਇਨਸਾਫ਼ੀ ਵਿਰੁੱਧ 31 ਜੁਲਾਈ ਨੂੰ ਪਰਵਿੰਦਰ ਸਿੰਘ ਦੇ ਹੱਕ ਵਿੱਚ ਚੱਲ ਰਹੇ ਧਰਨੇ ਵਿੱਚ ਜਥੇਬੰਦੀ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ । ਇਸ ਮੌਕੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਸਮੇਤ ਬਲਵਿੰਦਰ ਸ਼ਰਮਾਂ, ਬਲਜੀਤ ਸਿੰਘ ਭੈਣੀ ਬਾਘਾ, ਜਸਵਿੰਦਰ ਸਿੰਘ, ਮਲਕੀਤ ਸਿੰਘ, ਸਿੰਦਰ ਸਿੰਘ, ਮੱਖਣ ਸਿੰਘ, ਜਰਨੈਲ ਸਿੰਘ, ਚਰਨਜੀਤ ਕੌਰ, ਪਰਮਜੀਤ ਕੌਰ, ਜਰਨੈਲ ਕੌਰ, ਦਲਵਿੰਦਰ ਕੌਰ, ਮਿੰਦਰ ਕੌਰ ਅਤੇ ਗੁਰਮੇਲ ਕੌਰ ਆਦਿ ਹਾਜ਼ਰ ਰਹੇ ।