ਚੰਡੀਗੜ੍ਹ,20 ਅਗਸਤ :(ਸਾਰਾ ਯਹਾਂ/ਹਿਤੇਸ਼ ਸ਼ਰਮਾ):
ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਰਾਏਪੁਰ (ਛੱਤੀਸਗੜ੍ਹ) ਵਿੱਚ ਇੱਕ ਚੋਣ ਰੈਲੀ ਦੌਰਾਨ ਸ਼ਮੂਲੀਅਤ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਜਦੋਂ ਪੰਜਾਬ ਹੜ੍ਹਾਂ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਿਹਾ ਹੈ, ਮਾਨ ਆਪਣੇ ਸੁਪਰ ਬੌਸ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੇ ਹੋਏ ਹਨ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਕ ਮੁੱਖ ਮੰਤਰੀ ਚਾਹੀਦਾ ਹੈ, ਨਾ ਕਿ ਪ੍ਰਚਾਰ ਮੰਤਰੀ। ਸ਼ੇਰਗਿੱਲ ਨੇ ਕਿਹਾ ਕਿ ਮਾਨ ਇਸ ਤਰ੍ਹਾਂ ਦੂਜੇ ਸੂਬਿਆਂ ਦੀ ਯਾਤਰਾ ਕਰਕੇ ਪੰਜਾਬ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਦਾ ਇੱਕੋ ਇੱਕ ਏਜੰਡਾ ਕੇਜਰੀਵਾਲ ਦੀਆਂ ਸਿਆਸੀ ਖਾਹਿਸ਼ਾਂ ਨੂੰ ਪੂਰਾ ਕਰਨਾ ਹੈ, ਜੋ ਝੂਠੇ ਪੰਜਾਬ ਮਾਡਲ ਦਾ ਢੌਂਗ ਰਚ ਕੇ ਸਿਆਸੀ ਲਾਹਾ ਲੈਣ ਲਈ ਉਨ੍ਹਾਂ (ਮਾਨ) ਨੂੰ ਆਪਣੇ ਨਾਲ ਚੋਣਾਂ ਵਾਲੇ ਸੂਬਿਆਂ ਵਿੱਚ ਲੈ ਜਾਂਦੇ ਹਨ।
ਸ਼ੇਰਗਿੱਲ ਨੇ ਕਿਹਾ ਕਿ ਜਿੱਥੇ ਕੇਜਰੀਵਾਲ ਆਮ ਆਦਮੀ ਪਾਰਟੀ ਦਾ ਦਾਇਰਾ ਦੇਸ਼ ਭਰ ਵਿੱਚ ਫੈਲਾਉਣ ਲਈ ਮਾਨ ਦੀ ਵਰਤੋਂ ਕਰ ਰਹੇ ਹਨ। ਇਸ ਦੇ ਨਾਲ ਹੀ, ਇਹ ਵੀ ਮੰਦਭਾਗੀ ਗੱਲ ਹੈ ਕਿ ਮਾਨ ਸਿਰਫ ਕੇਜਰੀਵਾਲ ਦਾ ਪੀ.ਏ ਬਣ ਕੇ ਰਹਿਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੀਆਂ ਗੈਰ-ਵਾਜਬ ਮੰਗਾਂ ਨੂੰ ਮੰਨ ਰਹੇ ਹਨ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਜਿੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਆਪਣੇ ਬਕਾਏ ਨਾ ਮਿਲਣ ਕਾਰਨ ਧਰਨੇ-ਪ੍ਰਦਰਸ਼ਨ ਕਰ ਰਹੇ ਹਨ, ਉਦੋਂ ਸਿਆਸੀ ਐਡਵੇਂਚਰਾਂ ਤੇ ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿੱਚ, ਸ਼ੇਰਗਿੱਲ ਨੇ ਮਾਨ ਦੀ ਪੰਜਾਬ ਤੋਂ ਗੈਰ-ਹਾਜ਼ਰੀ ਦੀਆਂ ਕੁਝ ਉਦਾਹਰਨਾਂ ਦਿੰਦਿਆਂ ਕਿਹਾ ਕਿ ਮਾਨ ਨੇ ਕੇਜਰੀਵਾਲ ਨਾਲ ਮਿਲ ਕੇ 5 ਮਾਰਚ ਨੂੰ ਰਾਏਪੁਰ (ਛੱਤੀਸਗੜ੍ਹ), 18 ਜੂਨ ਨੂੰ ਗੰਗਾਨਗਰ (ਰਾਜਸਥਾਨ), 1 ਜੁਲਾਈ ਨੂੰ ਗਵਾਲੀਅਰ (ਮੱਧ ਪ੍ਰਦੇਸ਼) ਅਤੇ 2 ਜੁਲਾਈ ਨੂੰ ਬਿਲਾਸਪੁਰ (ਛੱਤੀਸਗੜ੍ਹ) ਵਿੱਚ ਰੈਲੀਆਂ ਕੀਤੀਆਂ ਸਨ।
ਉਨ੍ਹਾਂ ਖੁਲਾਸਾ ਕੀਤਾ ਕਿ 17 ਜੁਲਾਈ ਨੂੰ ਪੰਜਾਬ ਦੇ 23 ‘ਚੋਂ 19 ਜ਼ਿਲੇ ਹੜ੍ਹਾਂ ਦੀ ਮਾਰ ਝੱਲ ਰਹੇ ਸਨ ਅਤੇ ਮਾਨ ਬੈਂਗਲੁਰੂ ‘ਚ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਰਾਤ ਦੇ ਖਾਣੇ ਦਾ ਆਨੰਦ ਮਾਣ ਰਹੇ ਸਨ, ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਉਹ ਲੋਕਾਂ ਦੇ ਦੁੱਖ-ਦਰਦ ਨੂੰ ਕਿੰਨਾ ਜ਼ਿਆਦਾ ਮਹੱਤਵ ਦਿੰਦੇ ਹਨ। ਜਦੋਂਕਿ ਅਗਲੇ ਦਿਨ ਉਹ ਬੈਂਗਲੁਰੂ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਮੌਜੂਦ ਸਨ। ਜਿਸ ‘ਤੇ ਭਾਜਪਾ ਦੇ ਬੁਲਾਰੇ ਨੇ ਮਾਨ ਨੂੰ ਬਹੁਤ ਹੀ ਅਸੰਵੇਦਨਸ਼ੀਲ ਅਤੇ ਗੈਰ-ਜ਼ਿੰਮੇਵਾਰ ਮੁੱਖ ਮੰਤਰੀ ਦੱਸਿਆ ਹੈ।
ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਨੂੰ ਫੁੱਲ ਟਾਈਮ ਮੁੱਖ ਮੰਤਰੀ ਦੀ ਲੋੜ ਹੈ, ਪਰ ਦੁੱਖ ਦੀ ਗੱਲ ਹੈ ਕਿ ਮਾਨ ਦੂਜੇ ਸੂਬਿਆਂ ਦੇ ਬੇਲੋੜੇ ਦੌਰੇ ਕਰਕੇ ਕੇਜਰੀਵਾਲ ਦੀ ਚਾਪਲੂਸੀ ਕਰਨ ਵਿਚ ਰੁੱਝੇ ਹੋਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੀਡੀਆ ਰਿਪੋਰਟਾਂ ਅਨੁਸਾਰ ਕੇਜਰੀਵਾਲ ਮਾਨ ਨੂੰ ਨਾਲ ਲੈ ਕੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੱਡੇ ਪੱਧਰ ‘ਤੇ ਪ੍ਰਚਾਰ ਕਰਨਗੇ, ਜਿਵੇਂ ਕਿ ਉਨ੍ਹਾਂ ਨੇ ਪਿਛਲੇ ਸਾਲ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਵਿੱਚ ਕੀਤਾ ਸੀ। ਜਿਸ ਬਾਰੇ ਸ਼ੇਰਗਿੱਲ ਨੇ ਮਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਪੰਜਾਬ ਦੇ ਵਸੀਲਿਆਂ ਨੂੰ ਇਨ੍ਹਾਂ ਸੂਬਿਆਂ ਵਿਚ ਬਰਬਾਦ ਨਾ ਕਰਨ।
ਸ਼ੇਰਗਿੱਲ ਨੇ ਕਿਹਾ ਕਿ ਇਹ ਸਭ ਜਾਣਦੇ ਹਨ ਕਿ ਕਿਵੇਂ ਮਾਨ ਨੇ ਪਿਛਲੇ ਸਾਲ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਦੌਰਾਨ ਇਨ੍ਹਾਂ ਸੂਬਿਆਂ ਵਿੱਚ ਇਸ਼ਤਿਹਾਰਾਂ ਰਾਹੀਂ ਪੰਜਾਬ ਦੇ ਖਜ਼ਾਨੇ ਨੂੰ ਵੱਡੇ ਪੱਧਰ ‘ਤੇ ਲੁੱਟਿਆ ਸੀ। ਇੱਥੋਂ ਤੱਕ ਕਿ ਕਈ ਮੌਕਿਆਂ ‘ਤੇ ਮਾਨ ਨੇ ਕੇਜਰੀਵਾਲ ਨੂੰ ਹਵਾਈ ਸਫਰ ਵੀ ਕਰਵਾਇਆ। ਇਸ ਬਾਰੇ ਭਾਜਪਾ ਦੇ ਬੁਲਾਰੇ ਨੇ ਮਾਨ ਨੂੰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਦੀਆਂ ਹਰਕਤਾਂ ਨਾ ਦੁਹਰਾਉਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕੀਮਤੀ ਵਿੱਤੀ ਸਰੋਤਾਂ ਨੂੰ ਇਨ੍ਹਾਂ ਚੋਣਾਂ ਵਾਲੇ ਸੂਬਿਆਂ ਵਿੱਚ ਇਸ਼ਤਿਹਾਰ ਦੇ ਕੇ ਬਰਬਾਦ ਨਾ ਕੀਤਾ ਜਾਵੇ।