ਮਾਨਸਾ, 21 ਸਤੰਬਰ(ਸਾਰਾ ਯਹਾਂ/ਚਾਨਣਦੀਪ ਔਲਖ)
ਜ਼ਿਲ੍ਹੇ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲਾ ਟੀਕਾਕਰਨ ਅਫ਼ਸਰ ਡਾ. ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸਬ-ਸੈਂਟਰਾਂ ਅਤੇ ਡਿਸਪੈਂਸਰੀਆਂ ਦਾ ਦੌਰਾ ਕਰਕੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਨੰਗਲ ਕਲਾਂ, ਦੂਲੋਵਾਲ, ਗਾਗੋਵਾਲ (ਘਰਾਗਣਾ) ਆਦਿ ਟੀਕਾਕਰਨ ਸੈਸ਼ਨਾਂ ਦਾ ਨਿਰੀਖਣ ਕੀਤਾ ਗਿਆ ਅਤੇ ਬੱਚਿਆਂ ਅਤੇ ਗਰਭਵਤੀਆਂ ਦੇ ਟੀਕੇ ਲਗਾਏ ਜਾਣ ਦੇ ਕੰਮ ਦਾ ਮੌਕੇ ’ਤੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਸਹਾਇਕ ਮਲੇਰੀਆ ਅਫ਼ਸਰ ਗੁਰਜੰਟ ਸਿੰਘ ਵੀ ਸਨ। ਟੀਮ ਨੇ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਸਿਹਤ ਸੰਭਾਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸੈਸ਼ਨਾਂ ਮੌਕੇ ਟੀਕਾਕਰਨ, ਮੁੱਢਲੀ ਜਾਂਚ ਅਤੇ ਜਾਗਰੂਕਤਾ ਦਾ ਕੰਮ ਤਸੱਲੀਬਖ਼ਸ਼ ਸੀ ਅਤੇ ਜਿੱਥੇ ਕਿਤੇ ਕੁਝ ਕਮੀਆਂ ਮਿਲੀਆਂ, ਉਨ੍ਹਾਂ ਨੂੰ ਤੁਰੰਤ ਦਰੁਸਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉੱਚ ਜੋਖ਼ਮ ਵਾਲੀਆਂ ਗਰਭਵਤੀ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਤਵੱਜੋ ਦੇਣ ਦੀ ਹਦਾਇਤ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਬੱਚਾ ਅਤੇ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਸਬ-ਸੈਂਟਰ ਪੱਧਰ ’ਤੇ ਲੋਕਾਂ ਨੂੰ ਮਿਆਰੀ ਅਤੇ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਹੋਰ ਛੋਟੇ ਬੱਚਿਆਂ ਨੂੰ ਸਮੇਂ-ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਸਹੀ ਤਰੀਕੇ ਨਾਲ ਸਰੀਰਕ ਵਿਕਾਸ ਹੋ ਸਕੇ ਅਤੇ ਉਹ ਬਿਮਾਰੀਆਂ ਤੋਂ ਬਚ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨੇੜਲੇ ਸਬ ਸੈਂਟਰ ਜਾਂ ਸਰਕਾਰੀ ਡਿਸਪੈਂਸਰੀ ਵਿੱਚ ਹਰ ਬੁੱਧਵਾਰ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਸ ਮੌਕੇ ਸਹਾਇਕ ਮਲੇਰੀਆ ਅਫ਼ਸਰ ਵੱਲੋਂ ਵੈਕਟਰ ਬੌਰਨ ਤਹਿਤ ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਸਬੰਧੀ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਰੇ ਸਿਹਤ ਵਰਕਰ (ਮੇਲ) ਦਾ ਕੰਮ ਅਤੇ ਰਿਕਾਰਡ ਤਸੱਲੀਬਖ਼ਸ਼ ਪਾਇਆ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਕਰਮਜੀਤ ਕੌਰ, ਸਿਹਤ ਕਰਮਚਾਰੀ ਚਾਨਣ ਦੀਪ ਸਿੰਘ, ਸੀ ਐੱਚ ਓ ਰਮਨਦੀਪ ਕੌਰ, ਏ ਐਨ ਐਮ ਰਮਨਦੀਪ ਕੌਰ, ਕੁਲਵਿੰਦਰ ਕੌਰ ਤੋਂ ਇਲਾਵਾ ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ।