ਚੰਡੀਗੜ੍ਹ – ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ‘ਚ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਸਿਹਤ ਪ੍ਰਣਾਲੀ ਨੂੰ ਢਹਿ-ਢੇਰੀ ਕਰਨ ਲਈ ਕਰੜੇ ਹੱਥੀਂ ਲਿਆ।
ਬਾਜਵਾ ਨੇ ਕਿਹਾ ਕਿ ਪੰਜਾਬ ਦੀਆਂ 550 ਪੇਂਡੂ ਡਿਸਪੈਂਸਰੀਆਂ ਵਿੱਚ ਪੈਰਾਸੀਟਾਮੋਲ, ਦਰਦ ਨਿਵਾਰਕ ਦਵਾਈਆਂ ਅਤੇ ਆਮ ਐਂਟੀਬਾਇਓਟਿਕ ਦਵਾਈਆਂ ਸਮੇਤ ਮੁੱਢਲੀਆਂ ਦਵਾਈਆਂ ਖ਼ਤਮ ਹੋ ਗਈਆਂ ਹਨ। ਖ਼ਬਰਾਂ ਅਨੁਸਾਰ ਪੇਂਡੂ ਡਿਸਪੈਂਸਰੀਆਂ ਪਿਛਲੇ ਕੁਝ ਹਫ਼ਤਿਆਂ ਤੋਂ ਦਵਾਈਆਂ ਦੀ ਘਾਟ ਦਾ ਸਾਹਮਣਾ ਕਰ ਰਹੀਆਂ ਹਨ ਅਤੇ ਸਰਕਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਕਰ ਸਕੀ ਹੈ। ਇਸ ਦਾਅਵਾ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਹੈ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਪਟਿਆਲਾ ਵਿਖੇ ਇੱਕ ਬਹੁਤ ਹੀ ਸ਼ਾਨਦਾਰ ਸਮਾਗਮ ਵਿੱਚ ਵਾਰਡਾਂ ਦਾ ਉਦਘਾਟਨ ਕੀਤਾ, ਪਰ ਹਸਪਤਾਲ ਵਿੱਚ ਅਜੇ ਵੀ ਮਾਹਿਰ ਡਾਕਟਰਾਂ ਅਤੇ ਹੋਰ ਸਟਾਫ਼ ਦੀ ਘਾਟ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਹੀ ਜ਼ਰੂਰੀ ਦਵਾਈਆਂ ਖ਼ਤਮ ਹੋ ਚੁੱਕੀਆਂ ਹਨ ਅਤੇ ਹੈਪੇਟਾਈਟਸ ਸੀ ਦੇ ਮਰੀਜ਼ ਆਪਣੀਆਂ ਮੁਫ਼ਤ ਦਵਾਈਆਂ ਲੈਣ ਲਈ ਭਟਕ ਰਹੇ ਹਨ। ਕੁਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਇੱਕ ਮਾਂ ਨੂੰ ਡਾਕਟਰਾਂ ਜਾਂ ਹੋਰ ਮੈਡੀਕਲ ਸਟਾਫ਼ ਦੀ ਮਦਦ ਤੋਂ ਬਿਨਾਂ ਆਮ ਆਦਮੀ ਕਲੀਨਿਕ ਦੇ ਬਾਹਰ ਇੱਕ ਬੱਚੀ ਨੂੰ ਜਨਮ ਦਿੰਦੇ ਹੋਏ ਦਿਖਾਇਆ ਗਿਆ ਸੀ। ਇਸੇ ਤਰਾਂ ਦੀ ਇੱਕ ਹੋਰ ਘਟਨਾ ਮੋਰਿੰਡਾ ਹਸਪਤਾਲ ‘ਚ ਬਿਜਲੀ ਨਾ ਹੋਣ ਕਾਰਨ ਮੋਮਬੱਤੀ ਦੀ ਰੌਸ਼ਨੀ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸੂਬੇ ਦੀ ਸਿਹਤ ਪ੍ਰਣਾਲੀ ਪ੍ਰਤੀ ‘ਆਪ’ ਸਰਕਾਰ ਦੀ ਲਾਪਰਵਾਹੀ ਨੇ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧਿਤ ਲੋਕਾਂ ਲਈ ਅਨਿਸ਼ਚਿਤ ਸਥਿਤੀ ਪੈਦਾ ਕਰ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਹਸਪਤਾਲਾਂ ‘ਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਬਾਜਵਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਤਸਵੀਰਾਂ ਕਾਰਨ ਕੇਂਦਰੀ ਸਿਹਤ ਮੰਤਰਾਲੇ ਨੇ ਪਹਿਲਾਂ ਹੀ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਫ਼ੰਡ ਜਾਰੀ ਕਰਨਾ ਬੰਦ ਕਰ ਦਿੱਤਾ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ‘ਤੇ ਬੋਝ ਵਧ ਗਿਆ ਹੈ।