ਮਾਨਸਾ, 13 ਅਕਤੂਬਰ: (ਸਾਰਾ ਯਹਾਂ/ਬੀਰਬਲ ਧਾਲੀਵਾਲ):
ਖੇਡਾਂ ਵਤਨ ਪੰਜਾਬ ਦੀਆਂ-2023 ਦੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਐਸ.ਡੀ.ਐੱਮ ਮਾਨਸਾ ਸ੍ਰੀ ਪ੍ਰਮੋਦ ਸਿੰਗਲਾ ਵੱਲੋਂ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਅਤੇ ਇਮਾਨਦਾਰੀ ਦੀ ਭਾਵਨਾ ਨਾਲ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਸਹੁੰ ਚੁਕਵਾਈ ਅਤੇ ਆਸ਼ੀਰਵਾਦ ਦਿੱਤਾ।
ਐਸ.ਡੀ.ਐਮ. ਸ੍ਰੀ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਨੋਜਵਾਨ ਖਿਡਾਰੀਆਂ ਨੂੰ ਅੱਗੇ ਵੱਧਣ ਲਈ ਇਕ ਵਧੀਆ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ, ਜਿਸ ਵਿਚ ਵੱਡੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲ੍ਹੇ ਦੇ ਖਿਡਾਰੀਆਂ ਨੇ ਹਾਂਗਜ਼ੂ ਵਿਖੇ ਸੰਪੰਨ ਹੋਈਆਂ ਏਸ਼ੀਅਨ ਗੇਮਜ਼ ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਦੇ ਨਾਲ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਨੌਜਵਾਨ ਖਿਡਾਰੀਆਂ ਨੂੰ ਸੂਬਾ ਪੱਧਰੀ ਖੇਡਾਂ ਵਿਚ ਮੱਲਾਂ ਮਾਰਦਿਆਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਤੰਦਰੁਸਤ ਨੌਜਵਾਨ ਖੇਡ ਮੈਦਾਨਾ ਵਿੱਚ ਆਪਣੀ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਨਾਲ ਵੱਡੇ ਮੁਕਾਬਲੇ ਜਿੱਤ ਰਹੇ ਹਨ, ਜਿਸ ਦੇ ਲਈ ਖੇਡ ਵਿਭਾਗ ਦੇ ਕੋਚ, ਖਿਡਾਰੀਆਂ ਸਮੇਤ ਉਨ੍ਹਾਂ ਦੇ ਮਾਪੇ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਖਿਡਾਰੀ ਇਸੇ ਤਰ੍ਹਾਂ ਹੀ ਜੋਸ਼ੋ ਖਰੋਸ਼ ਨਾਲ ਖੇਡਾਂ ਵਿਚ ਭਾਗ ਲੈਂਦੇ ਰਹਿਣ ਤਾਂ ਜੋ ਤੰਦਰੁਸਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।
ਜ਼ਿਲਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਦੁਆਰਾ ਜ਼ਿਲ੍ਹਾ ਮਾਨਸਾ ਵਿੱਚ ਹੋ ਰਹੇ ਸੂਬਾ ਪੱਧਰੀ ਵੂਸ਼ੂ ਦੇ ਮੁਕਾਬਲਿਆਂ ਅਤੇ ਖੇਡ ਦੇ ਨਿਯਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਦੇ ਲਈ ਏਸ਼ੀਅਨ ਖੇਡਾਂ ਵਿੱਚੋ ਜੇਤੂ ਖਿਡਾਰੀ ਸੁਖਮੀਤ ਸਿੰਘ ਸਮਾਘ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।
ਇਸ ਮੌਕੇ ਖੇਡ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ, ਸੰਗਰਾਮਜੀਤ ਸਿੰਘ, ਦੀਪੰਕਰ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਹਾਜ਼ਰ ਸਨ।