ਜਨਵਰੀ 02 (ਸਾਰਾ ਯਹਾਂ/ਬਿਊਰੋ ਨਿਊਜ਼): ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਸ੍ਰੀ ਸਾਰੰਗਲ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਆਦਿ ਵੀ ਮੌਜੂਦ ਸਨ।