ਚੰਡੀਗੜ੍ਹ, 4 ਜਨਵਰੀ(ਸਾਰਾ ਯਹਾਂ/ਬਿਊਰੋ ਨਿਊਜ਼):
ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ।
ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ਵਿੱਚ ਮੰਡੀ 5 ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੁੱਲ 1872 ਅਨਾਜ ਮੰਡੀਆਂ ਹਨ।
ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।
ਇਸ ਮੌਕੇ ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਮਿਸ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।