*ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪਿੰਡ ਘਰਾਚੋਂ ‘ਚ ਨਵੀਂ ਜਲ ਸਪਲਾਈ ਸਕੀਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ*

0
22

25 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪਿੰਡ ਘਰਾਚੋਂ ਵਿੱਚ ਤਕਰੀਬਨ 1 ਕਰੋੜ 79 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਜਲ ਸਪਲਾਈ ਸਕੀਮ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਜ਼ਮੀਨੀ ਪਾਣੀ ਖਰਾਬ ਹੈ ਜਾਂ ਪੀਣਯੋਗ ਨਹੀਂ ਹੈ ਉਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟਾਂ ਨਾਲ ਜੋੜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਲੋਕਾਂ ਨੂੰ ਘਰਾਂ ਵਿੱਚ ਹੀ ਸਾਫ ਅਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਕਰੋੜਾਂ-ਅਰਬਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਪੈਸੇ ਨਾਲ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸੰਗਰੂਰ ਵਾਸੀਆਂ ਦੀ ਪਹਿਲ ਸਦਕਾ ਹੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬੀਆਂ ਦੇ ਸੁਪਨੇ ਪੂਰੇ ਕਰਨ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਭਵਿੱਖ ਵਿੱਚ ਵੀ ਸੰਗਰੂਰ ਦੇ ਨਾਲ-ਨਾਲ ਸਮੁੱਚੇ ਪੰਜਾਬ ਵਾਸੀ ਸਾਡੀ ਸਰਕਾਰ ਨੂੰ ਪੂਰਾ ਸਹਿਯੋਗ ਦੇਣਗੇ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਹਿਣੀ ਅਤੇ ਕਰਨੀ ਦੀ ਪੱਕੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਮੁਫ਼ਤ ਬਿਜਲੀ ਤੋਂ ਲੈ ਕੇ 40 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣਾ ਇਸ ਗੱਲ ਦਾ ਸਭ ਤੋਂ ਵੱਡਾ ਸਬੂਤ ਹਨ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਅਤੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੇ ਪਿੰਡ ਲਈ ਜਲ ਸਪਲਾਈ ਸਕੀਮ ਸਮੇਤ ਹੋਰ ਵੱਡੇ ਪ੍ਰੋਜੈਕਟ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਐਸ.ਈ. ਜਲ ਸਪਲਾਈ ਮਨੋਜ ਮਲਹੋਤਰਾ, ਐਕਸੀਅਨ ਚਮਕ ਸਿੰਗਲਾ ਐਸ.ਡੀ.ਓ. ਜਤਿੰਦਰ ਕੁਮਾਰ, ਹਨੀ ਗੁਪਤਾ, ਜੇ.ਈ ਮਨਦੀਪ ਸਿੰਘ ਤੇ ਮਨਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕਾ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here