*ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਭੈਣੀ ਬਾਘਾ ਵਿਖੇ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ 30 ਨੂੰ*

0
38

ਮਾਨਸਾ, 29 ਜਨਵਰੀ:(ਸਾਰਾ ਯਹਾਂ/ਹਿਤੇਸ਼ ਸ਼ਰਮਾ)
ਪੰਜਾਬ ਪੁਲਿਸ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦਾ ਮਾੜਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਹਰ ਸਮੇਂ ਤਤਪਰ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਪੀ. (ਐਚ) ਸ੍ਰੀ ਜਸਕੀਰਤ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ੇ ਖਿਲਾਫ ਖੜ੍ਹੇ ਹੋਣ ਅਤੇ ਨਸ਼ਿਆਂ ਤੋਂ ਦੂਰੀ ਬਣਾਈ ਰੱਖਣ ਦੇ ਮੰਤਵ ਨਾਲ ਪਿੰਡ ਭੈਣੀ ਬਾਘਾ ਵਿਖੇ 30 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਬਾਸਕਿਟ ਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਜ਼ਿਲ੍ਹਾ ਮਾਨਸਾ ਦੀਆਂ 20 ਦੇ ਕਰੀਬ ਟੀਮਾਂ ਭਾਗ ਲੈ ਰਹੀਆਂ ਹਨ। ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਇਸ ਟੂਰਨਾਮੈਂਟ ਵਿਚ 12 ਟੀਮਾਂ ਲੜਕਿਆਂ ਦੀਆਂ ਅਤੇ 8 ਟੀਮਾਂ ਲੜਕੀਆਂ ਦੀਆਂ ਸ਼ਾਮਲ ਹੋਣਗੀਆਂ। ਇਸ ਦੌਰਾਨ ਲੜਕੇ ਅਤੇ ਲੜਕੀਆਂ ਦੇ ਅਲੱਗ ਅਲੱਗ ਕਰੀਬ 30 ਮੈਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਦਾ ਮੰਤਵ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਾ ਰਹਿਤ ਜ਼ਿੰਦਗੀ ਜਿਉਣ ਅਤੇ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਵਿੱਢੀ ਇਸ ਮੁਹਿੰਮ ’ਚ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਅਲ੍ਹਾਮਤ ਬਹੁਤ ਬੁਰੀ ਹੈ। ਇਸ ਤੋਂ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੋ ਹੋਰਨਾਂ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ। 

LEAVE A REPLY

Please enter your comment!
Please enter your name here