ਚੰਡੀਗੜ੍ਹ, 31 ਮਾਰਚ:(ਸਾਰਾ ਯਹਾਂ/ਬਿਊਰੋ ਨਿਊਜ਼)
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ।
ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ ‘ਸੀ-ਵਿਜਿਲ’ ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ।
ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।