*ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ-ਜ਼ਿਲ੍ਹਾ ਮੈਜਿਸਟ੍ਰੇਟ*

0
14

ਮਾਨਸਾ, 08 ਅਪ੍ਰੈਲ :(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਵੱਖ-ਵੱਖ ਸਾਧਨਾਂ (ਬੱਸਾਂ, ਵੈਨਾਂ, ਵਹੀਕਲਾਂ ਆਦਿ) ਰਾਹੀਂ ਸਕੂਲ ਆਉਣ-ਜਾਣ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਪ੍ਰੰਤੂ ਦੇਖਣ ਵਿੱਚ ਆਇਆ ਹੈ ਕਿ ਕਈ ਸਕੂਲੀ ਬੱਸ ਅਤੇ ਵੈਨ ਚਾਲਕਾਂ ਵੱਲੋਂ ਬਹੁਤ ਹੀ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਅਕਸਰ ਹੀ ਵੱਖ-ਵੱਖ ਹਾਦਸਿਆਂ ਦੌਰਾਨ ਬੱਚਿਆਂ ਦੀਆਂ ਜਾਨਾਂ ਚਲੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਮ ਪਬਲਿਕ ਵੱਲੋਂ ਸਰਕਾਰ ਜਾਂ ਜ਼ਿਲ੍ਹਾ ਪ੍ਰਸਾਸ਼ਨ ’ਤੇ ਤਰ੍ਹਾਂ-ਤਰ੍ਹਾਂ ਦੇ ਦੋਸ਼ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਾਦਸੇ ਵਾਪਰਨ ਨਾਲ ਜਿੱਥੇ ਬੱਚਿਆਂ ਦੇ ਪਰਿਵਾਰਾਂ ਨੂੰ ਸਦਮਾ ਝੱਲਣਾ ਪੈਂਦਾ ਹੈ, ਉਥੇ ਹੀ ਸਰਕਾਰ ਤੇ ਜ਼ਿਲ੍ਹਾ ਪ੍ਰਸਾਸ਼ਨ ਦੀ ਵੀ ਕਾਫ਼ੀ ਕਿਰਕਰੀ ਹੁੰਦੀ ਹੈ। ਪਿਛਲੇ ਦਿਨੀਂ ਜ਼ਿਲ੍ਹੇ ਵਿੱਚ ਇੱਕ ਨਿੱਜੀ ਸਕੂਲ ਦੀ ਵੈਨ ਵਿੱਚ ਕੰਡਕਟਰ (ਹੈਲਪਰ) ਮੌਜੂਦ ਨਾ ਹੋਣ ਕਾਰਨ ਇੱਕ ਮਾਸੂਮ ਬੱਚੇ ਦੀ ਜਾਨ ਚਲੀ ਗਈ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਭਵਿੱਖ ਵਿੱਚ ਵਾਪਰਨ ਤੋਂ ਰੋਕਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਮੇਂ-ਸਮੇਂ ’ਤੇ ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਲੋੜ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

LEAVE A REPLY

Please enter your comment!
Please enter your name here