*PSPCL ਦਾ ਠੇਕੇਦਾਰ 20,000 ਰੁਪਏ  ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*

0
126

ਮਾਨਸਾ, 06 ਅਗਸਤ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ PSPCL  ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਗਰਿੱਡ ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਕਿ ਠੇਕੇਦਾਰ ਹੋਣ ਨਾਤੇ PSPCL ਦਫ਼ਤਰ ਮੌੜ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਉਸਦੇ ਚੰਗੇ ਸਬੰਧ ਹਨ। ਉਸਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੇ ਪੇਸ਼ਗੀ ਵਜੋਂ 30,000 ਰੁਪਏ ਅਤੇ ਬਾਕੀ ਪੈਸੇ ਬਿਜਲੀ ਕੁਨੈਕਸ਼ਨ ਲੱਗਣ ਤੋਂ ਬਾਅਦ ਦੇਣ ਲਈ ਕਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਦੌਰਾਨ PSPCL ਦਫ਼ਤਰ ਮੌੜ ਨਾਲ ਸਬੰਧਤ ਹੋਰਨਾਂ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here