*CM ਮਾਨ ਦੀ ਪਹਿਲੀ ਕਿਸਾਨ ਮਿਲਣੀ, ਕਿਸਾਨਾਂ ਦੀਆਂ ਦਿੱਕਤਾਂ ਸੁਣ ਕੇ ਮਾਨ ਨੇ ਕਰ ਦਿੱਤਾ ਵੱਡਾ ਐਲਾਨ*

0
72

ਲੁਧਿਆਣਾ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੀ.ਏ.ਯੂ. ਵਿਚ ਪਹਿਲੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਜਦਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸੇਸ ਮਹਿਮਾਨ ਵਜੋਂ ਸਾਮਿਲ ਹੋਏ। ਇਸ ਮਿਲਣੀ ਦਾ ਉਦੇਸ਼ ਪੰਜਾਬ ਦੀ ਨਵੀਂ ਖੇਤੀ ਨੀਤੀ ਬਨਾਉਣ ਲਈ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਨਾ ਅਤੇ ਉਹਨਾਂ ਦੀਆਂ ਰਾਵਾਂ ਜਾਨਣਾ ਸੀ। ਇਸ ਮਿਲਣੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ। ਵੀਹ ਦੇ ਕਰੀਬ ਸਟਾਲਾਂ ਤੇ ਕਿਸਾਨਾਂ ਨੇ ਆਪਣੀ ਦਿਲਚਸਪੀ ਅਨੁਸਾਰ ਫਸਲ ਦੀ ਬਿਜਾਈ ਅਤੇ ਹੋਰ ਮੁੱਦਿਆਂ ਬਾਰੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ।

ਸਲਾਹ-ਮਸ਼ਵਰਾ ਹਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਸਟਾਲ ਤੇ ਰੁੱਕ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ, ਉਹਨਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦੇ ਸੁਝਾਅ ਅਤੇ ਸਮੱਸਿਆਵਾਂ ਦੇ ਹੱਲ ਬਾਰੇ ਕਿਸਾਨਾਂ ਦੇ ਨਜ਼ਰੀਏ ਨੂੰ ਜਾਣਿਆ। ਬਾਅਦ ਵਿੱਚ ਮੁੱਖ ਪੰਡਾਲ ਵਿੱਚ ਪਹੁੰਚ ਕੇ ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ।  ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਵੱਖ-ਵੱਖ ਫਸਲਾਂ ਦੀ ਖੇਤੀ ਕਰਨ ਵਾਲੇ ਕਿਸਾਨ ਵੀਰ ਅਤੇ ਭੈਣਾਂ ਸ਼ਾਮਿਲ ਹੋਈਆਂ ਹਨ। ਇਹ ਆਪਣੀ ਤਰ੍ਹਾਂ ਦਾ ਇੱਕ ਨਿਵੇਕਲਾ ਤਜਰਬਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵੀ ਇਸ ਗੱਲ ਦਾ ਅੰਦਾਜ਼ਾ ਨਹੀਂ ਲਾਇਆ ਹੋਣਾ ਕਿ ਇਸ ਸਮਾਗਮ ਦੀ ਰੂਪ-ਰੇਖਾ ਨੇੜਿਉਂ ਮਾਹਿਰਾਂ ਅਤੇ ਸਰਕਾਰੀ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਵਾਲੀ ਹੋਵੇਗੀ। ਉਹਨਾਂ ਕਿਹਾ ਕਿ ਅਸੀਂ ਖੇਤੀ ਸਮੱਸਿਆਵਾਂ ਬਾਰੇ ਜਾਣ ਰਹੇ ਹਾਂ ਅਤੇ ਇਹਨਾਂ ਸਮੱਸਿਆਵਾਂ ਦਾ ਹੱਲ ਕਿਸਾਨਾਂ ਦੇ ਨਜ਼ਰੀਏ ਤੋਂ ਕੱਢਣ ਲਈ ਸਰਕਾਰ ਯਤਨਸ਼ੀਲ ਹੈ। ਫਸਲ ਦੇ ਬੀਜਾਂ ਤੋਂ ਲੈ ਕੇ ਮੰਡੀਕਰਨ ਤੱਕ ਹਰ ਮੁੱਦੇ ਤੇ ਨਵੀਂ ਪਹੁੰਚ ਅਪਨਾਉਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਖੇਤੀ ਨੂੰ ਕਿਸਮਤ ਦੇ ਆਸਰੇ ਨਾ ਛੱਡੇ ਜਾਣ ਦਾ ਤਹੱਈਆ ਕੀਤਾ।

ਫਸਲੀ ਚੱਕਰ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ ਝੋਨਾ ਪੈਦਾ ਕਰਕੇ ਆਪਣੇ ਕੁਦਰਤੀ ਸਰੋਤ ਭਾਰਤ ਨੂੰ ਦਾਨ ਕੀਤੇ ਹਨ। ਪਰ ਹੁਣ ਖੇਤੀ ਉਤਪਾਦਨ ਨੂੰ ਨਵੀਨ ਤਕਨੀਕਾਂ ਨਾਲ ਜੋੜਨਾ ਸਰਕਾਰ ਦੀ ਪਹਿਲ ਹੈ | ਉਹਨਾਂ ਨੇ ਗੰਨੇ ਦੀ ਪ੍ਰੋਸੈਸਿੰਗ, ਲੀਚੀ, ਕਿੰਨੂ, ਲਸਣ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੇ ਯੂਨਿਟ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਲਾਉਣ ਦੀਆਂ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਬਾਸਮਤੀ ਜੋ ਪੂਰੀ ਦੁਨੀਆਂ ਵਿੱਚ ਆਪਣੇ ਮਹਿਕ ਤੇ ਸਵਾਦ ਲਈ ਜਾਣੀ ਜਾਂਦੀ ਹੈ, ਨੂੰ ਹੁਲਾਰਾ ਦੇਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਭਗਵੰਤ ਮਾਨ ਨੇ ਖੇਤ ਮਜ਼ਦੂਰਾਂ ਦੀ ਬਿਹਤਰੀ ਨੂੰ ਵੀ ਸਰਕਾਰ ਦੀ ਪਹਿਲ ਦੱਸਦਿਆਂ ਇੱਛਾ ਪ੍ਰਗਟ ਕੀਤੀ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਸਭ ਤੋਂ ਵੱਧ ਖੁਸ਼ ਅਤੇ ਖੁਸ਼ਹਾਲ ਬਨਾਉਣਾ ਉਹਨਾਂ ਦੀ ਸਭ ਤੋਂ ਵੱਡੀ ਕਾਮਨਾ ਹੈ। 

NO COMMENTS